Daily Suraj

ਪੰਜਾਬੀ

GMADA ਦਫ਼ਤਰ ਦੇ ਬਾਹਰ ਪੁਲੀਸ ਤੇ ‘ਆਪ’ ਵਰਕਰਾਂ ਵਿਚਾਲੇ ਧੱਕਾ-ਮੁੱਕੀ, CRPF ਨੇ ਰੋਕਿਆ ਅੱਗੇ ਵਧਣ ਤੋਂ

24 Sep, 2026 11:10 AM

ਮੁਹਾਲੀ ਦੇ ਗਮਾਡਾ (GMADA) ਦਫ਼ਤਰ ਵਿੱਚ ਪਿਛਲੇ ਦੋ ਦਿਨਾਂ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਕੀਤੀ ਜਾ ਰਹੀ ਜਾਂਚ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਵੀਰਵਾਰ ਨੂੰ ਪ੍ਰਦਰਸ਼ਨ ਦੌਰਾਨ ‘ਆਪ’ ਵਰਕਰਾਂ ਅਤੇ ਪੁਲੀਸ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਕੁਝ ਵਰਕਰ ਪੁਲੀਸ ਵੱਲੋਂ ਲਗਾਏ ਗਏ ਘੇਰੇ ਨੂੰ ਪਾਰ ਕਰਕੇ GMADA ਦਫ਼ਤਰ ਦੇ ਅਹਾਤੇ ਵਿੱਚ ਦਾਖਲ ਹੋ ਗਏ। ਇਸ ਤੋਂ ਬਾਅਦ ਉੱਥੇ ਤਾਇਨਾਤ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਨੇ ਉਨ੍ਹਾਂ ਨੂੰ ਹੋਰ ਅੱਗੇ ਵਧਣ ਤੋਂ ਰੋਕ ਦਿੱਤਾ। ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਕਾਰਕੁੰਨ, ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਹਨ, ਨੇ GMADA ਭਵਨ ਦੇ ਦੋਵੇਂ ਗੇਟਾਂ ਦੇ ਬਾਹਰ ਧਰਨਾ ਲਗਾ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ED ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪੁਲੀਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ GMADA ਭਵਨ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਗਏ ਹਨ। ਗੇਟ ਬੰਦ ਹੋਣ ਕਾਰਨ ਆਮ ਲੋਕਾਂ ਦੀ ਦਫ਼ਤਰ ਵਿੱਚ ਆਮਦ ਵੀ ਰੁਕ ਗਈ ਹੈ। ਧਰਨੇ ਦੀ ਅਗਵਾਈ ਆਮ ਆਦਮੀ ਪਾਰਟੀ ਦੀ ਮੁਹਾਲੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਵੱਲੋਂ GMADA ਦਫ਼ਤਰ ਵਿੱਚ ED ਦੀ ਜਾਂਚ ਦਾ ਵਿਰੋਧ ਕੀਤਾ ਜਾ ਰਿਹਾ ਹੈ।

Posted By: Daily Suraj Bureau

Latest News