ਮਾਨ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4,817 ਲਾਭਪਾਤਰੀਆਂ ਨੂੰ ₹24.57 ਕਰੋੜ ਜਾਰੀ
- ਪੰਜਾਬ
- (Asia/Kolkata)
ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅਸ਼ੀਰਵਾਦ ਸਕੀਮ ਅਧੀਨ ਵੱਡਾ ਕਦਮ ਚੁੱਕਿਆ ਗਿਆ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵੱਖ-ਵੱਖ ਭਲਾਈ ਯੋਜਨਾਵਾਂ ਰਾਹੀਂ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ 2025–26 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਧੀਆਂ ਦੇ ਵਿਆਹ ਲਈ 4,817 ਯੋਗ ਲਾਭਪਾਤਰੀਆਂ ਨੂੰ ਕੁੱਲ ₹24.57 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਰਕਮ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਅਸ਼ੀਰਵਾਦ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਆਧਾਰ ’ਤੇ ਜਾਰੀ ਕੀਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜਾਰੀ ਕੀਤੀ ਗਈ ਰਕਮ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਦੇ 739, ਬਰਨਾਲਾ ਦੇ 172, ਫਰੀਦਕੋਟ ਦੇ 190, ਸ੍ਰੀ ਫਤਹਿਗੜ੍ਹ ਸਾਹਿਬ ਦੇ 124, ਗੁਰਦਾਸਪੁਰ ਦੇ 437, ਹੁਸ਼ਿਆਰਪੁਰ ਦੇ 471 ਅਤੇ ਜਲੰਧਰ ਦੇ 135 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮਿਲੀ ਹੈ। ਇਸ ਤੋਂ ਇਲਾਵਾ ਲੁਧਿਆਣਾ ਦੇ 272, ਮੋਗਾ ਦੇ 260, ਸ੍ਰੀ ਮੁਕਤਸਰ ਸਾਹਿਬ ਦੇ 410, ਪਟਿਆਲਾ ਦੇ 519, ਐਸ.ਏ.ਐਸ. ਨਗਰ ਦੇ 124, ਸੰਗਰੂਰ ਦੇ 305, ਮਾਲੇਰਕੋਟਲਾ ਦੇ 98 ਅਤੇ ਤਰਨਤਾਰਨ ਦੇ 561 ਲਾਭਪਾਤਰੀਆਂ ਨੂੰ ਵੀ ਇਸ ਸਕੀਮ ਤਹਿਤ ਮਦਦ ਪ੍ਰਦਾਨ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਅਸ਼ੀਰਵਾਦ ਸਕੀਮ ਦੇ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਨਾਲ ਸੰਬੰਧਤ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜਿਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਦੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ, ਗਰੀਬੀ ਰੇਖਾ ਤੋਂ ਹੇਠਾਂ ਆਉਂਦਾ ਹੋਣਾ ਅਤੇ ਅਨੁਸੂਚਿਤ ਜਾਤੀ, ਪਿੱਛੜੀ ਸ੍ਰੇਣੀ ਜਾਂ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸੰਬੰਧਤ ਹੋਣਾ ਲਾਜ਼ਮੀ ਹੈ। ਇਸ ਦੇ ਨਾਲ ਹੀ ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ ₹32,790 ਤੋਂ ਘੱਟ ਹੈ, ਉਹਨਾਂ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿੱਤੀ ਸਹਾਇਤਾ ਡਾਇਰੈਕਟ ਬੇਨਿਫਿਟ ਟ੍ਰਾਂਸਫਰ (DBT) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ-ਸਿਰ ਅਦਾਇਗੀ ਯਕੀਨੀ ਬਣਾਈ ਜਾਂਦੀ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਮਾਵੇਸ਼ੀ ਵਿਕਾਸ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਵਚਨਬੱਧ ਹੈ, ਤਾਂ ਜੋ ਹਰ ਯੋਗ ਪਰਿਵਾਰ ਤੱਕ ਭਲਾਈ ਸਕੀਮਾਂ ਦਾ ਲਾਭ ਸਨਮਾਨ ਅਤੇ ਪਾਰਦਰਸ਼ਤਾ ਨਾਲ ਪਹੁੰਚ ਸਕੇ।
Leave a Reply