ਸਾਰੇ ਭਾਈਚਾਰਿਆਂ ਦੇ ਬਰਾਬਰ ਵਿਕਾਸ ਲਈ ਮਾਨ ਸਰਕਾਰ ਵੱਲੋਂ ਜਾਤੀ ਅਧਾਰਿਤ ਸਰਵੇਖਣ ਦੀ ਸ਼ੁਰੂਆਤ – ਧਾਲੀਵਾਲ
- ਸ੍ਰੀ ਅੰਮ੍ਰਿਤਸਰ ਸਾਹਿਬ
- (Asia/Kolkata)
ਅੰਮ੍ਰਿਤਸਰ, 6 ਅਪ੍ਰੈਲ (ਆਰ.ਕੇ. ਸੋਨੀ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਵਚਨਬੱਧ ਹੈ। ਇਸੇ ਮੰਤਵ ਨਾਲ ਸਰਕਾਰ ਵੱਲੋਂ 1 ਅਪ੍ਰੈਲ ਤੋਂ ਜਾਤੀ ਅਧਾਰਿਤ ਸਮਾਜਿਕ-ਆਰਥਿਕ ਸਰਵੇਖਣ ਦੀ ਸ਼ੁਰੂਆਤ ਕੀਤੀ ਗਈ ਹੈ। ਧਾਲੀਵਾਲ ਨੇ ਹਲਕੇ ਦੇ ਪਿੰਡ ਜੱਟਾਂ, ਪੰਡੋਰੀ ਨੇੜੇ ਰਮਦਾਸ, ਭੋਏਵਾਲੀ ਅਤੇ ਇਤਿਹਾਸਿਕ ਨਗਰ ਰਮਦਾਸ ਦੀਆਂ ਵੱਖ-ਵੱਖ ਵਾਰਡਾਂ ਵਿੱਚ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਕਰਵਾਏ ਸੰਵਾਦ ਸਮਾਗਮਾਂ ਦੌਰਾਨ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਕੇਵਲ ਚਾਰ ਸਾਲਾਂ ਵਿੱਚ ਹੀ ਚੋਣ ਵਾਅਦਿਆਂ ਨੂੰ ਪੂਰਾ ਕਰਦੇ ਹੋਏ ਸਿੱਖਿਆ, ਸਿਹਤ, ਰੋਜ਼ਗਾਰ, ਖੇਤੀਬਾੜੀ, ਸਿੰਚਾਈ, ਆਮ ਆਦਮੀ ਕਲੀਨਿਕ, ਆਂਗਨਵਾੜੀ ਕੇਂਦਰ, ਸੜਕਾਂ, ਪਾਣੀ ਸਪਲਾਈ ਸਮੇਤ ਹਰ ਖੇਤਰ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਰਵਾਇਆ ਹੈ। ਇਸਦੇ ਨਾਲ ਹੀ ਨਸ਼ਾ ਅਤੇ ਗੈਂਗਸਟਰਵਾਦ ਖ਼ਿਲਾਫ਼ ਮੁਹਿੰਮ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ। ਧਾਲੀਵਾਲ ਨੇ ਦੱਸਿਆ ਕਿ ਜਾਤੀ ਅਧਾਰਿਤ ਸਰਵੇਖਣ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਇਸ ਦੇ ਆਧਾਰ ’ਤੇ ਸਰਕਾਰ ਵੱਲੋਂ ਸਮੂਹ ਵਰਗਾਂ ਦੇ ਬਰਾਬਰ ਵਿਕਾਸ ਲਈ ਨਵੀਆਂ ਨੀਤੀਆਂ ਤਿਆਰ ਕੀਤੀਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਰਮਦਾਸ ਨਗਰ ਦੇ ਵਿਕਾਸ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੁੱਖ ਸੜਕਾਂ ’ਤੇ ਲਗਭਗ 7 ਕਰੋੜ ਰੁਪਏ ਦੀ ਲਾਗਤ ਨਾਲ ਗੇਟ ਅਤੇ ਹੋਰ ਵਿਕਾਸ ਕਾਰਜ ਜਾਰੀ ਹਨ। ਪ੍ਰਾਇਮਰੀ ਹੈਲਥ ਸੈਂਟਰ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾਇਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਰੇਲਵੇ ਸਟੇਸ਼ਨ ਦਾ ਨਾਂ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੇ ਨਾਮ ’ਤੇ ਰੱਖਣ ਲਈ ਕੇਂਦਰੀ ਰੇਲ ਮੰਤਰਾਲੇ ਅਤੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੀਟਿੰਗ ਕੀਤੀ ਗਈ ਹੈ। ਸਮਾਗਮਾਂ ਦੌਰਾਨ ਕਈ ਪਾਰਟੀ ਆਗੂ, ਪੰਚ-ਸਰਪੰਚ, ਕੌਂਸਲਰ ਅਤੇ ਵੱਡੀ ਗਿਣਤੀ ਵਿੱਚ ਵਲੰਟੀਅਰ ਹਾਜ਼ਰ ਸਨ।
Leave a Reply