ਬੰਗਲਾਦੇਸ਼ ਚੋਣਾਂ ਬਾਅਦ BNਪੀ ਨੇ ਸ਼ੇਖ ਹਸੀਨਾ ਦੀ ਭਾਰਤ ਤੋਂ ਵਾਪਸੀ ਲਈ ਮੰਗੀ ਮਦਦ
ਬੰਗਲਾਦੇਸ਼ ਵਿਚ ਅਦਾਲਤੀ ਕਾਰਵਾਈ ਦਾ ਦਿੱਤਾ ਹਵਾਲਾ ਬੰਗਲਾਦੇਸ਼ ਦੀਆਂ ਆਮ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰਨ ਤੋਂ ਬਾਅਦ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਨੇ ਸ਼ੁੱਕਰਵਾਰ ਨੂੰ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਭਾਰਤ ਤੋਂ ਵਾਪਸ ਲਿਆਉਣ ਦੀ ਮੰਗ ਦੁਹਰਾਈ ਹੈ। ਪਾਰਟੀ ਚਾਹੁੰਦੀ ਹੈ ਕਿ ਹਸੀਨਾ ਨੂੰ ਬੰਗਲਾਦੇਸ਼ ਲਿਆਂਦਾ ਜਾਵੇ ਤਾਂ ਕਿ ਉਹ ਉੱਥੇ ਅਦਾਲਤੀ ਕਾਰਵਾਈ ਦਾ ਸਾਹਮਣਾ ਕਰ ਸਕਣ। BNP ਦੇ ਸੀਨੀਅਰ ਆਗੂ ਸਲਾਹੂਦੀਨ ਅਹਿਮਦ ਨੇ ਕਿਹਾ ਕਿ ਵਿਦੇਸ਼ ਮੰਤਰੀ ਪਹਿਲਾਂ ਹੀ ਉਨ੍ਹਾਂ ਦੀ ਹਵਾਲਗੀ ਦੇ ਮਾਮਲੇ ’ਤੇ ਪਹਿਲਕਦਮੀ ਕਰ ਰਹੇ ਹਨ ਅਤੇ ਪਾਰਟੀ ਇਸ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਉਨ੍ਹਾਂ ਦੀ ਵਾਪਸੀ ਲਈ ਦਬਾਅ ਬਣਾ ਰਹੇ ਹਾਂ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਮੁਕੱਦਮੇ ਦਾ ਸਾਹਮਣਾ ਕਰਨ ਲਈ ਬੰਗਲਾਦੇਸ਼ ਭੇਜਿਆ ਜਾਵੇ। ਅਹਿਮਦ ਨੇ ਜ਼ੋਰ ਦੇ ਕੇ ਕਿਹਾ ਕਿ ਬੰਗਲਾਦੇਸ਼ ਭਾਰਤ ਸਮੇਤ ਆਪਣੇ ਸਾਰੇ ਗੁਆਂਢੀ ਦੇਸ਼ਾਂ ਨਾਲ ਚੰਗੇ ਸਬੰਧ ਚਾਹੁੰਦਾ ਹੈ। ਉਨ੍ਹਾਂ ਦਾ ਇਹ ਬਿਆਨ ਵੀਰਵਾਰ ਨੂੰ ਹੋਈਆਂ ਆਮ ਚੋਣਾਂ ਵਿੱਚ BNP ਦੀ ਹੂੰਝਾਫੇਰ ਜਿੱਤ ਤੋਂ ਬਾਅਦ ਆਇਆ ਹੈ। ਅਗਸਤ 2024 ਵਿੱਚ ਹੋਏ ਜਨਤਕ ਵਿਦਰੋਹ ਤੋਂ ਬਾਅਦ ਇਹ ਦੇਸ਼ ਵਿੱਚ ਪਹਿਲੀਆਂ ਚੋਣਾਂ ਹਨ। ਇਸ ਤੋਂ ਪਹਿਲਾਂ ਸ਼ੇਖ ਹਸੀਨਾ ਨੂੰ ਦੇਸ਼ ਛੱਡ ਕੇ ਭਾਰਤ ਭੱਜਣਾ ਪਿਆ ਸੀ। ਜ਼ਿਕਰਯੋਗ ਹੈ ਕਿ ਸ਼ੇਖ ਹਸੀਨਾ ਇਸ ਵੇਲੇ ਨਵੀਂ ਦਿੱਲੀ ਵਿੱਚ ਰਹਿ ਰਹੇ ਹਨ। ਨਵੰਬਰ 2025 ਵਿੱਚ ਇੱਕ ਵਿਸ਼ੇਸ਼ ਟ੍ਰਿਬਿਊਨਲ ਨੇ 2024 ਦੇ ਵਿਦਰੋਹ ਦੌਰਾਨ ਹੋਈ ਹਿੰਸਾ ਅਤੇ ਮਨੁੱਖਤਾ ਵਿਰੁੱਧ ਅਪਰਾਧਾਂ ਲਈ ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਅਹਿਮਦ ਨੇ ਚੋਣਾਂ ਦੀ ਨਿਰਪੱਖਤਾ ’ਤੇ ਉੱਠ ਰਹੇ ਸਵਾਲਾਂ ਨੂੰ ਵੀ ਖਾਰਜ ਕਰ ਦਿੱਤਾ, ਜੋ ਕਿ ਅਵਾਮੀ ਲੀਗ ’ਤੇ ਲੱਗੀ ਪਾਬੰਦੀ ਕਾਰਨ ਚੁੱਕੇ ਜਾ ਰਹੇ ਸਨ। ਇਸ ਤੋਂ ਪਹਿਲਾਂ ਤਾਰਿਕ ਰਹਿਮਾਨ ਦੀ ਅਗਵਾਈ ਵਾਲੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ ਐੱਨ ਪੀ) ਨੇ ਸੰਸਦੀ ਚੋਣਾਂ ਵਿੱਚ ਵੱਡੀ ਜਿੱਤ ਦਰਜ ਕੀਤੀ। ਪਾਰਟੀ ਦੀ ਦੋ ਦਹਾਕਿਆਂ ਮਗਰੋਂ ਸੱਤਾ ’ਚ ਵਾਪਸੀ ਹੋਈ ਹੈ। ਚੋਣ ਨਤੀਜਿਆਂ ਤੋਂ ਸਾਫ਼ ਹੋ ਗਿਆ ਹੈ ਕਿ ਰਹਿਮਾਨ ਬੰਗਲਾਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਉਹ ਨੋਬੇਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਦੀ ਥਾਂ ਲੈਣਗੇ। ਬੀ ਐੱਨ ਪੀ ਨੇ 300 ਮੈਂਬਰੀ ਸੰਸਦ ਵਿੱਚ 151 ਤੋਂ ਵੱਧ ਸੀਟਾਂ ’ਤੇ ਜਿੱਤ ਦਰਜ ਕੀਤੀ ਹੈ ਤੇ ਇਹ ਅੰਕੜਾ ਅਜੇ ਹੋਰ ਵਧਣ ਦੇ ਆਸਾਰ ਹਨ। ਗੱਦੀਓਂ ਲਾਹੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਪਾਰਟੀ ਅਵਾਮੀ ਲੀਗ ਐਤਕੀਂ ਚੋਣ ਮੈਦਾਨ ਵਿੱਚ ਨਹੀਂ ਸੀ, ਕਿਉਂਕਿ ਉਸ ਨੂੰ ਚੋਣਾਂ ਲੜਨ ਤੋਂ ਰੋਕ ਦਿੱਤਾ ਗਿਆ ਸੀ।
Posted By: Daily Suraj Bureau