Daily Suraj

ਪੰਜਾਬੀ

ਅੰਤਰਰਾਸ਼ਟਰੀ ਕਬੱਡੀ ਸਟਾਰ ਅਤੇ ਸਾਬਕਾ ਭਾਰਤੀ ਕਪਤਾਨ ਯਾਦਾ ਸੁਰਖਪੁਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

20 Nov, 2026 06:12 PM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਦਾ ਸਿਰੋਪਾਓ ਪਾ ਕੇ ਕੀਤਾ ਨਿੱਘਾ ਸਵਾਗਤ
 

(ਇੰਦਰਜੀਤ ਚਾਹਲ)
 

ਪੰਜਾਬ ਦੀ ਸਿਆਸਤ ਅਤੇ ਖਾਸ ਕਰਕੇ ਹਲਕਾ ਸੁਲਤਾਨਪੁਰ ਲੋਧੀ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਵਿਸ਼ਵ ਕਬੱਡੀ ਕੱਪ ਖੇਡਣ ਵਾਲੀ ਭਾਰਤੀ ਸਰਕਲ ਸਟਾਈਲ ਕਬੱਡੀ ਟੀਮ ਦੇ ਸਾਬਕਾ ਕਪਤਾਨ ਅਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਯਾਦਵਿੰਦਰ ਸਿੰਘ 'ਯਾਦਾ ਸੁਰਖਪੁਰ' ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ਪਾਰਟੀ ਪਰਿਵਾਰ ਵਿੱਚ ਰਸਮੀ ਤੌਰ 'ਤੇ ਸ਼ਾਮਲ ਕੀਤਾ ਅਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਅਤੇ ਅਰਜੁਨ ਐਵਾਰਡੀ ਸ. ਸੱਜਣ ਸਿੰਘ ਚੀਮਾ, ਆਮ ਆਦਮੀ ਪਾਰਟੀ ਕਪੂਰਥਲਾ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਿਰਨਜੀਤ ਕੌਰ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਸੰਗਠਨ ਇੰਚਾਰਜ ਸਨੀ ਰੱਤੜਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯਾਦਾ ਸੁਰਖਪੁਰ ਵਰਗੇ ਨਾਮਵਰ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਦੇ ਆਮ ਆਦਮੀ ਪਾਰਟੀ ਨਾਲ ਜੁੜਨ ਨਾਲ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਪ੍ਰਫੁੱਲਿਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਮੁੜ ਖੇਡ ਮੈਦਾਨਾਂ ਨਾਲ ਜੋੜਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਯਾਦਾ ਸੁਰਖਪੁਰ ਦਾ ਤਜਰਬਾ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੇਗਾ। ਇਸ ਮੌਕੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸੁਰਖਪੁਰ ਨਾਲ ਸਬੰਧਤ ਯਾਦਾ ਸੁਰਖਪੁਰ ਨੇ ਜਿੱਥੇ ਕਬੱਡੀ ਦੇ ਮੈਦਾਨ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਸਦਕਾ ਦੁਨੀਆ ਭਰ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ, ਉੱਥੇ ਹੀ ਉਨ੍ਹਾਂ ਦਾ ਪਰਿਵਾਰ ਵੀ ਲੰਬੇ ਸਮੇਂ ਤੋਂ ਸਮਾਜ ਸੇਵਾ ਨਾਲ ਜੁੜਿਆ ਹੋਇਆ ਹੈ ਅਤੇ ਉਨ੍ਹਾਂ ਦੇ ਪਿਤਾ ਜੀ ਪਿੰਡ ਸੁਰਖਪੁਰ ਦੇ ਸਰਪੰਚ ਵੀ ਰਹਿ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਦੇ ਹਲਕਿਆਂ ਵਿੱਚ ਯਾਦਾ ਸੁਰਖਪੁਰ ਦਾ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ, ਜਿਸ ਸਦਕਾ ਉਨ੍ਹਾਂ ਦੀ ਸ਼ਮੂਲੀਅਤ ਨਾਲ ਇਲਾਕੇ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਦੂਜੇ ਪਾਸੇ, ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਯਾਦਾ ਸੁਰਖਪੁਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਦੀਆਂ ਲੋਕ-ਪੱਖੀ ਨੀਤੀਆਂ, ਇਮਾਨਦਾਰ ਸੋਚ ਅਤੇ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਜਾਵੇਗੀ, ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ।

Latest News