ਅਕਾਲ ਤਖ਼ਤ ਦੇ ਨਿਰਦੇਸ਼ਾਂ ਵਿਚਕਾਰ ਭਾਜਪਾ ਆਗੂ ਦਾ ਵੱਡਾ ਕਦਮ, ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਅਕਾਲ ਤਖ਼ਤ ਦੇ ਨਿਰਦੇਸ਼ਾਂ ਵਿਚਕਾਰ ਭਾਜਪਾ ਆਗੂ ਦਾ ਵੱਡਾ ਕਦਮ, ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੋਈ ਸਬੰਧ ਨਾ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਜਾਣ ਤੋਂ ਬਾਅਦ ਵੀ ਅੰਮ੍ਰਿਤਸਰ ਦੇ ਭਾਜਪਾ ਆਗੂ ਜਗਮੋਹਨ ਰਾਜੂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਭੇਜੇ ਇੱਕ ਪੱਤਰ ਵਿੱਚ ਕਿਹਾ ਹੈ ਕਿ ਇਹ ਮੁਲਾਕਾਤ ਸਿੱਖਿਆ ਦੇ ਅਧਿਕਾਰ ਕਾਨੂੰਨ ਤਹਿਤ ਲਗਭਗ ਇੱਕ ਲੱਖ ਗਰੀਬ ਅਤੇ ਅਨੁਸੂਚਿਤ ਜਾਤੀ ਦੇ ਬੱਚਿਆਂ ਦੇ ਦਾਖਲਿਆਂ ਨਾਲ ਜੁੜੇ ਮਹੱਤਵਪੂਰਨ ਮੁੱਦੇ ਲਈ ਲੋੜੀਂਦੀ ਹੈ। ਸਾਬਕਾ ਆਈਏਐਸ ਅਧਿਕਾਰੀ ਅਤੇ ਭਾਜਪਾ ਆਗੂ ਜਗਮੋਹਨ ਰਾਜੂ, ਜੋ ਹਾਲ ਹੀ ਵਿੱਚ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਹਨ, ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਇੱਕ ਸਿੱਖ ਹੋਣ ਦੇ ਨਾਤੇ ਉਨ੍ਹਾਂ ਦਾ ਪੂਰਾ ਸਤਿਕਾਰ ਕਰਦੇ ਹਨ। ਇਸ ਦੇ ਬਾਵਜੂਦ ਉਨ੍ਹਾਂ ਦਾ ਮੰਨਣਾ ਹੈ ਕਿ ਜਦੋਂ ਲਗਭਗ ਇੱਕ ਲੱਖ ਗਰੀਬ ਦਲਿਤ ਬੱਚਿਆਂ ਦੇ ਸਿੱਖਿਆ ਦੇ ਭਵਿੱਖ ਦਾ ਸਵਾਲ ਹੋਵੇ ਤਾਂ ਉਹ ਚੁੱਪ ਨਹੀਂ ਰਹਿ ਸਕਦੇ। ਰਾਜੂ ਨੇ ਪੱਤਰ ਵਿੱਚ ਇਹ ਵੀ ਕਿਹਾ ਕਿ ਉਹ ਜਾਣਦੇ ਹਨ ਕਿ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਾਰਾਜ਼ਗੀ ਜਾਂ ਨਿੰਦਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਫਿਰ ਵੀ, ਪੰਜਾਬ ਦੇ ਗਰੀਬ ਬੱਚਿਆਂ ਦੇ ਸੰਵਿਧਾਨਕ ਸਿੱਖਿਆ ਅਧਿਕਾਰਾਂ ਦੀ ਰੱਖਿਆ ਲਈ ਉਹ ਇਸ ਦੇ ਹਰ ਨਤੀਜੇ ਨੂੰ ਸਵੀਕਾਰ ਕਰਨ ਲਈ ਤਿਆਰ ਹਨ। ਜ਼ਿਕਰਯੋਗ ਹੈ ਕਿ 15 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਪ੍ਰਧਾਨਗੀ ਹੇਠ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਐਲਾਨਿਆ ਗਿਆ ਸੀ। ਇਸ ਫ਼ੈਸਲੇ ਵਿੱਚ ਇੱਕ ਵਿਵਾਦਤ ਵੀਡੀਓ ਦਾ ਹਵਾਲਾ ਦਿੱਤਾ ਗਿਆ, ਜਿਸ ਵਿੱਚ ਕਥਿਤ ਤੌਰ 'ਤੇ ਮੁੱਖ ਮੰਤਰੀ ਨੂੰ ਦਸ ਗੁਰੂ ਸਾਹਿਬਾਨ ਦੇ ਚਿੱਤਰਾਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ 'ਤੇ ਸ਼ਰਾਬ ਛਿੜਕਦੇ ਹੋਏ ਦਿਖਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਸ ਵੀਡੀਓ ਨੂੰ ਏਆਈ (AI) ਰਾਹੀਂ ਤਿਆਰ ਕੀਤੀ ਗਈ ਜਾਅਲੀ ਵੀਡੀਓ ਕਰਾਰ ਦੇ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ। ਦੂਜੇ ਪਾਸੇ, ਸ੍ਰੀ ਅਕਾਲ ਤਖ਼ਤ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵੱਲੋਂ ਆਪਣੀ ਫੋਰੈਂਸਿਕ ਰਿਪੋਰਟ ਪੇਸ਼ ਨਾ ਕਰਨ ਤੋਂ ਬਾਅਦ ਦੋ ਸਰਕਾਰੀ ਅਧਿਕਾਰਤ ਲੈਬਾਂ ਤੋਂ ਵੀਡੀਓ ਦੀ ਜਾਂਚ ਕਰਵਾਈ ਗਈ ਹੈ। ਵੀਡੀਓ ਵਿਵਾਦ ਨੂੰ ਲੈ ਕੇ ਸਿਆਸੀ ਮਾਹੌਲ ਵੀ ਗਰਮਾਇਆ ਹੋਇਆ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪਾਰਟੀ ਦੇ ਸਿੱਖ ਕੇਂਦਰੀ ਮੰਤਰੀ ਵੀ ਉਸ ਸਮੇਂ ਤੱਕ ਮੁੱਖ ਮੰਤਰੀ ਨਾਲ ਮੁਲਾਕਾਤ ਨਹੀਂ ਕਰਨਗੇ, ਜਦੋਂ ਤੱਕ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਨੂੰ ਸਵੀਕਾਰ ਕਰਕੇ ਮੁਆਫ਼ੀ ਨਹੀਂ ਮੰਗਦੇ। ਉੱਧਰ, ਜਗਮੋਹਨ ਰਾਜੂ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਪੰਜਾਬ ਭਾਜਪਾ ਦੇ ਆਪਣੇ ਸੰਗਠਨਾਤਮਕ ਅਹੁਦੇ ਤੋਂ ਅਸਤੀਫਾ ਦਿੰਦਿਆਂ ਕਿਹਾ ਸੀ ਕਿ ਉਹ ਹੁਣ ਗਰੀਬ ਬੱਚਿਆਂ ਦੇ ਸਿੱਖਿਆ ਅਧਿਕਾਰਾਂ ਅਤੇ ਅਨੁਸੂਚਿਤ ਜਾਤੀਆਂ ਅਤੇ ਸਿੱਖ ਭਾਈਚਾਰੇ ਦੇ ਸੰਵਿਧਾਨਕ ਹੱਕਾਂ ਨਾਲ ਜੁੜੇ ਜਨਤਕ ਮੁੱਦਿਆਂ ਲਈ ਵੱਧ ਸਮਾਂ ਸਮਰਪਿਤ ਕਰਨਾ ਚਾਹੁੰਦੇ ਹਨ।