ਅਧਿਆਪਕ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਰਾਸ਼ਟਰੀ ਪੁਰਸਕਾਰ ਜੇਤੂਆਂ ਨਾਲ ਗੱਲਬਾਤ

ਅਧਿਆਪਕ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਰਾਸ਼ਟਰੀ ਪੁਰਸਕਾਰ ਜੇਤੂਆਂ ਨਾਲ ਗੱਲਬਾਤ

ਅਧਿਆਪਕ ਦਿਵਸ ਦੀ ਪੂਰਵ ਸੰਧਿਆ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰੀ ਪੁਰਸਕਾਰ ਜੇਤੂ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਿਦਿਆਰਥੀਆਂ ਦੇ ਵਿਵਹਾਰ ਅਤੇ ਰੋਜ਼ਾਨਾ ਜੀਵਨ ’ਤੇ ਬਾਰੀਕੀ ਨਾਲ ਨਿਗਰਾਨੀ ਕਰਨ ਦੀ ਅਪੀਲ ਕੀਤੀ। ਮੋਦੀ ਨੇ ਕਿਹਾ ਕਿ ਅਧਿਆਪਕਾਂ ਦੀ ਭੂਮਿਕਾ ਬੱਚਿਆਂ ਦੇ ਜੀਵਨ ਵਿੱਚ ਲਗਾਤਾਰ ਮਹੱਤਵਪੂਰਨ ਹੋ ਰਹੀ ਹੈ, ਖ਼ਾਸ ਕਰਕੇ ਉਸ ਸਮੇਂ ਜਦੋਂ ਸਾਂਝੇ ਪਰਿਵਾਰਾਂ ਦਾ ਸਿਸਟਮ ਘੱਟ ਰਿਹਾ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਅਧਿਆਪਕਾਂ ਨੂੰ ਸਿਰਫ਼ ਅਕਾਦਮਿਕ ਪ੍ਰਦਰਸ਼ਨ ’ਤੇ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਵਿਵਹਾਰ ਅਤੇ ਜੀਵਨ ਸ਼ੈਲੀ ’ਤੇ ਵੀ ਧਿਆਨ ਦੇਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਦੀਆਂ ਅਲਾਮਤਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਦਾ ਸਕ੍ਰੀਨ ਸਮਾਂ ਘਟਾਉਣ ਵਿੱਚ ਮਦਦ ਕਰਨ। ਉਨ੍ਹਾਂ ਕਿਹਾ ਕਿ ਵੱਡੇ ਸ਼ਹਿਰਾਂ ਅਤੇ ਯੂਨੀਵਰਸਿਟੀਆਂ ਵਿੱਚ ਇਹ ਪਤਾ ਲਗਾਉਣਾ ਮੁਸ਼ਕਲ ਹੁੰਦਾ ਹੈ ਕਿ ਕੋਈ ਵਿਅਕਤੀ ਨਸ਼ਿਆਂ ਦੀ ਸਮੱਸਿਆ ਤੋਂ ਪ੍ਰਭਾਵਿਤ ਹੈ ਜਾਂ ਨਹੀਂ, ਇਸ ਲਈ ਅਧਿਆਪਕਾਂ ਨੂੰ ਜਾਗਰੂਕਤਾ ਲਈ ਪਹਿਲ ਕਰਨੀ ਚਾਹੀਦੀ ਹੈ। ਮੋਦੀ ਨੇ ਕਿਹਾ, “ਤੁਹਾਨੂੰ ਕਿਸੇ ਵਿਦਿਆਰਥੀ ਦੇ ਬਚਪਨ ਨੂੰ ਮਰਨ ਨਹੀਂ ਦੇਣਾ ਚਾਹੀਦਾ। ਵਿਦਿਆਰਥੀਆਂ ਦੇ ਜੀਵਨ ਵਿੱਚ ਬਚਪਨ ਨੂੰ ਜ਼ਿੰਦਾ ਰੱਖਣ ਲਈ ਅਧਿਆਪਕਾਂ ਵੱਲੋਂ ਸਭ ਤੋਂ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ।” ਉਨ੍ਹਾਂ ਨੇ ਸਮਾਜ ਨੂੰ ਵੀ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਸਿਰਜਣਾਤਮਕ ਕੰਮਾਂ ਵੱਲ ਪ੍ਰੇਰਿਤ ਕੀਤਾ ਜਾਵੇ।