Daily Suraj

ਪੰਜਾਬੀ

ਪੰਜਾਬ-ਚੰਡੀਗੜ੍ਹ ‘ਚ ਮੌਸਮ ਬਦਲਿਆ, ਗੜੇਮਾਰੀ ਨਾਲ ਤਾਪਮਾਨ ‘ਚ ਕਮੀ

05 Apr, 2026 04:08 PM

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਮੌਸਮ ਵਿੱਚ ਠੰਡਕ ਆ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ 2.6 ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਭਾਗ ਮੁਤਾਬਕ, ਅੱਜ 5 ਅਪ੍ਰੈਲ ਨੂੰ ਰਾਜ ਦੇ ਛੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਕੱਲ੍ਹ ਤੋਂ ਮੌਸਮ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਬੀਤੀ ਸ਼ਾਮ ਕੁਝ ਇਲਾਕਿਆਂ ਵਿੱਚ ਮੀਂਹ ਅਤੇ ਗੜੇਮਾਰੀ ਹੋਈ, ਜਦਕਿ ਕਈ ਖੇਤਰਾਂ ਵਿੱਚ ਇਹ ਸਿਲਸਿਲਾ ਰਾਤ ਭਰ ਜਾਰੀ ਰਿਹਾ। ਕੁਝ ਸਥਾਨਾਂ ‘ਤੇ ਸਵੇਰੇ 3 ਤੋਂ 6 ਵਜੇ ਤੱਕ ਵੀ ਬਾਰਿਸ਼ ਦਰਜ ਕੀਤੀ ਗਈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਦੇ ਕੁਝ ਹਿੱਸਿਆਂ ਵਿੱਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਉਮੀਦ ਜਤਾਈ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਮੱਧ ਪਾਕਿਸਤਾਨ ਉੱਤੇ ਪੱਛਮੀ ਗੜਬੜੀ ਸਰਗਰਮ ਹੈ, ਜੋ 3 ਤੋਂ 10 ਕਿਲੋਮੀਟਰ ਦੀ ਉਚਾਈ ਤੱਕ ਫੈਲੀ ਹੋਈ ਹੈ। ਇਸ ਦੇ ਨਾਲ ਹੀ ਉੱਤਰ-ਪੂਰਬੀ ਪਾਕਿਸਤਾਨ ਵਿੱਚ ਬਣਿਆ ਹਵਾ ਦਾ ਗੇੜ ਪੰਜਾਬ ਤੱਕ ਪਹੁੰਚ ਚੁੱਕਾ ਹੈ ਅਤੇ ਲਗਭਗ 1.5 ਕਿਲੋਮੀਟਰ ਦੀ ਉਚਾਈ ‘ਤੇ ਸਥਿਤ ਹੈ। ਉੱਤਰੀ ਭਾਰਤ ਉੱਤੇ 12.6 ਕਿਲੋਮੀਟਰ ਦੀ ਉਚਾਈ ‘ਤੇ ਲਗਭਗ 125 ਗੰਢਾਂ ਦੀ ਰਫ਼ਤਾਰ ਨਾਲ ਪੱਛਮੀ ਹਵਾਵਾਂ (ਜੈੱਟ ਸਟ੍ਰੀਮ) ਵੀ ਵਗ ਰਹੀਆਂ ਹਨ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ 5 ਅਤੇ 6 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ ਅਤੇ ਅਗਲੇ 24 ਘੰਟਿਆਂ ਵਿੱਚ ਮੌਸਮ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਏਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦੋ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਵਧਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਅਗਲੇ ਦੋ ਦਿਨਾਂ ਵਿੱਚ ਇਹ 3 ਤੋਂ 5 ਡਿਗਰੀ ਸੈਲਸੀਅਸ ਤੱਕ ਘੱਟ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 7 ਅਤੇ 8 ਅਪ੍ਰੈਲ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 7 ਅਪ੍ਰੈਲ ਤੋਂ ਉੱਤਰ-ਪੱਛਮੀ ਭਾਰਤ ਨੂੰ ਇੱਕ ਨਵੀਂ ਪੱਛਮੀ ਗੜਬੜੀ ਪ੍ਰਭਾਵਿਤ ਕਰ ਸਕਦੀ ਹੈ।

Posted By: Daily Suraj Bureau

Latest News