ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ‘ਸਿੱਖਿਆ ਕ੍ਰਾਂਤੀ’ ਨਾਲ ਵੱਡੇ ਬਦਲਾਅ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਖੇਤਰ ਨੂੰ ਨਵੀਂ ਉਚਾਈਆਂ ’ਤੇ ਪਹੁੰਚਾਉਣ ਲਈ ਵਿਉਂਤਬੱਧ ਤਰੀਕੇ ਨਾਲ ਵੱਡੇ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਸਿੱਖਿਆ ਕ੍ਰਾਂਤੀ’ ਨੇ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰ ਦਿੱਤੀ ਹੈ। ਸਰਕਾਰ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਅਤੇ ਹੋਰ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਲੜਕੀਆਂ ਨੂੰ ਮੁਫ਼ਤ ਬੱਸ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਨਾਲ ਲਗਪਗ 15,500 ਵਿਦਿਆਰਥਣਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਇਸ ਨਾਲ ਮਾਪੇ ਹੁਣ ਬਿਨਾਂ ਕਿਸੇ ਆਰਥਿਕ ਚਿੰਤਾ ਤੋਂ ਆਪਣੀਆਂ ਧੀਆਂ ਨੂੰ ਸਕੂਲ ਭੇਜ ਰਹੇ ਹਨ। ਕੁੜੀਆਂ ਦੀ ਸਿਹਤ ਅਤੇ ਸਫ਼ਾਈ ਲਈ 385 ਸਕੂਲਾਂ ਵਿੱਚ ਸੈਨੇਟਰੀ ਪੈਡ ਇੰਸੀਨਰੇਟਰ ਮਸ਼ੀਨਾਂ ਲਗਾਉਣ ਲਈ 77 ਲੱਖ ਰੁਪਏ ਜਾਰੀ ਕੀਤੇ ਗਏ ਹਨ। ਆਧੁਨਿਕ ਤਕਨਾਲੋਜੀ ਨੂੰ ਉਤਸ਼ਾਹਿਤ ਕਰਦਿਆਂ 9,000 ਤੋਂ ਵੱਧ ਸਮਾਰਟ ਕਲਾਸਰੂਮ ਅਤੇ 5,000 ਕੰਪਿਊਟਰ ਲੈਬਾਂ ਸਥਾਪਿਤ ਕੀਤੀਆਂ ਗਈਆਂ ਹਨ। ਸਕੂਲਾਂ ਵਿੱਚ ਹਾਈ-ਸਪੀਡ ਫਾਈਬਰ ਵਾਈ-ਫਾਈ ਕੁਨੈਕਸ਼ਨ ਲਈ 20 ਕਰੋੜ ਰੁਪਏ ਦਾ ਬਜਟ ਦਿੱਤਾ ਗਿਆ ਹੈ। ਨਾਬਾਰਡ ਯੋਜਨਾ ਤਹਿਤ 2025-26 ਵਿੱਚ 136 ਕਰੋੜ ਰੁਪਏ ਨਾਲ 1,703 ਸਕੂਲਾਂ ਵਿੱਚ ਨਵੇਂ ਕਮਰੇ, ਸਾਇੰਸ ਲੈਬਾਂ, ਕੰਪਿਊਟਰ ਲੈਬਾਂ, ਮਲਟੀਪਰਪਜ਼ ਕਮਰੇ, ਰਸੋਈਆਂ, ਮੈਡੀਕਲ ਰੂਮ, ਖੇਡ ਮੈਦਾਨ ਅਤੇ ਪਖਾਨੇ ਤਿਆਰ ਕੀਤੇ ਗਏ ਹਨ। ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਵਿਸ਼ੇਸ਼ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ। ਅਪਰੈਲ 2022 ਤੋਂ ਹੁਣ ਤੱਕ 13,765 ਨਵੇਂ ਅਧਿਆਪਕਾਂ ਦੀ ਭਰਤੀ ਹੋ ਚੁੱਕੀ ਹੈ ਅਤੇ ਠੇਕੇ ’ਤੇ ਕੰਮ ਕਰਦੇ ਅਧਿਆਪਕਾਂ ਨੂੰ ਰੈਗੂਲਰ ਨੌਕਰੀਆਂ ਦਿੱਤੀਆਂ ਗਈਆਂ ਹਨ। ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਅਤੇ ਮੁਫ਼ਤ ਵਰਦੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਲੱਖਾਂ ਵਿਦਿਆਰਥੀਆਂ ਲਈ ਕਿਤਾਬਾਂ ਅਤੇ ਵਰਦੀਆਂ ਦੇ ਬਜਟ ਜਾਰੀ ਕੀਤੇ ਗਏ ਹਨ। ਸਰਕਾਰੀ ਸਕੂਲਾਂ ਦੇ ਨਤੀਜੇ ਵੀ ਸ਼ਾਨਦਾਰ ਰਹੇ ਹਨ। ਸਾਲ 2026 ਵਿੱਚ 305 ਵਿਦਿਆਰਥੀਆਂ ਨੇ JEE ਮੇਨਜ਼ ਅਤੇ 845 ਵਿਦਿਆਰਥੀਆਂ ਨੇ NEET ਪ੍ਰੀਖਿਆ ਪਾਸ ਕੀਤੀ ਹੈ। ਇਸ ਤੋਂ ਇਲਾਵਾ ਹਰ ਸਾਲ ਡੇਢ ਲੱਖ ਤੋਂ ਵੱਧ ਕਾਲਜ ਵਿਦਿਆਰਥੀ ਕਾਰੋਬਾਰੀ ਅਤੇ ਤਕਨੀਕੀ ਹੁਨਰ ਸਿੱਖ ਕੇ ਆਪਣੇ ਪੈਰਾਂ ’ਤੇ ਖੜ੍ਹੇ ਹੋ ਰਹੇ ਹਨ।
Posted By: Daily Suraj Bureau