Daily Suraj

ਪੰਜਾਬੀ

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਵੱਡਾ ਐਲਾਨ: 20 ਨਵੰਬਰ ਨੂੰ ਦਿੱਲੀ ਵਿੱਚ ਪਾਰਲੀਮੈਂਟ ਤੱਕ ਕੱਢਿਆ ਜਾਵੇਗਾ ਰੋਸ ਮਾਰਚ

18 Nov, 2026 09:29 AM

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਸਿੱਖ ਕੌਮ ਨਾਲ ਸਬੰਧਤ ਅਹਿਮ ਮਸਲਿਆਂ ਦੇ ਹੱਲ ਲਈ 20 ਨਵੰਬਰ ਨੂੰ ਦਿੱਲੀ ਵਿਖੇ ਪਾਰਲੀਮੈਂਟ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਮਾਰਚ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਤੋਂ ਸ਼ੁਰੂ ਹੋ ਕੇ ਸੰਸਦ ਭਵਨ ਤੱਕ ਜਾਵੇਗਾ, ਜਿੱਥੇ ਪਾਰਟੀ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਦੇ ਨਾਮ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਪ੍ਰੋਗਰਾਮ ਦਾ ਖੁਲਾਸਾ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਜਲੰਧਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜਥੇਦਾਰ ਵਡਾਲਾ ਨੇ ਦੱਸਿਆ ਕਿ ਇਸ ਮਾਰਚ ਦਾ ਮੁੱਖ ਉਦੇਸ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਚੋਣਾਂ ਤੁਰੰਤ ਕਰਵਾਉਣਾ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੁਲ੍ਹਵਾਉਣਾ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣਾ ਹੈ। ਕਰਤਾਰਪੁਰ ਸਾਹਿਬ ਲਾਂਘੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਇਹ ਲਾਂਘਾ ਬੰਦ ਕਰਨ ਦਾ ਫ਼ੈਸਲਾ ਲਿਆ ਸੀ। ਉਨ੍ਹਾਂ ਕਿਹਾ ਕਿ ਹੁਣ ਗੁਆਂਢੀ ਮੁਲਕ ਪਾਕਿਸਤਾਨ ਨਾਲ ਸਬੰਧ ਮੁੜ ਸੁਖਾਵੇਂ ਹੋ ਰਹੇ ਹਨ, ਇਸ ਲਈ ਕੇਂਦਰ ਦੀ ਭਾਜਪਾ ਸਰਕਾਰ ਨੂੰ ਸ਼ਰਧਾਲੂਆਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਲਾਂਘਾ ਖੋਲ੍ਹਣ ਲਈ ਪਹਿਲਕਦਮੀ ਕਰਨੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜੇਲ੍ਹਾਂ ਵਿੱਚ ਬੰਦ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਦਾ ਐਲਾਨ ਫ਼ੌਰੀ ਤੌਰ 'ਤੇ ਕੀਤਾ ਜਾਵੇ। ਇਸ ਪ੍ਰੈੱਸ ਕਾਨਫਰੰਸ ਮੌਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਰਹੀ, ਜਿਨ੍ਹਾਂ ਵਿੱਚ ਬੀਬੀ ਹਰਜੀਤ ਕੌਰ ਤਲਵੰਡੀ, ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ, ਜਥੇਦਾਰ ਭਗਵੰਤ ਸਿੰਘ ਫਤਿਹ ਜਲਾਲ, ਜਗਰੂਪ ਸਿੰਘ ਚੋਹਲਾ, ਹਰਪ੍ਰੀਤ ਸਿੰਘ ਡਿੰਪੀ, ਜਲੰਧਰ ਦਿਹਾਤੀ ਦੇ ਪ੍ਰਧਾਨ ਸੁਖਵੰਤ ਸਿੰਘ, ਜਲੰਧਰ ਸ਼ਹਿਰੀ ਦੇ ਪ੍ਰਧਾਨ ਅਮਰਜੀਤ ਸਿੰਘ, ਜਰਨੈਲ ਸਿੰਘ ਗੜਦੀਵਾਲਾ ਅਤੇ ਦਵਿੰਦਰ ਸਿੰਘ ਬੱਬੂ ਪ੍ਰਮੁੱਖ ਤੌਰ 'ਤੇ ਸ਼ਾਮਲ ਸਨ।

Latest News