Daily Suraj

ਪੰਜਾਬੀ

ਬੇਅਦਬੀ ਦੀਆਂ ਵਧਦੀਆਂ ਘਟਨਾਵਾਂ ’ਤੇ ਸ਼੍ਰੋਮਣੀ ਕਮੇਟੀ ਨੇ ਜਤਾਈ ਚਿੰਤਾ

19 May, 2026 03:07 PM

ਜਲੰਧਰ ਦੇ ਰਾਜਾ ਗਾਰਡਨ ਇਲਾਕੇ ਵਿੱਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਪਾਵਨ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਕਿ ਬਹੁਤ ਚਿੰਤਾਜਨਕ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਵਿੱਚ ਲੋੜੀਂਦੀ ਗੰਭੀਰਤਾ ਅਤੇ ਸਖ਼ਤੀ ਨਾਲ ਕਾਰਵਾਈ ਨਾ ਕਰਨ ਕਾਰਨ ਦੋਸ਼ੀਆਂ ਦੇ ਹੌਸਲੇ ਵਧ ਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਵਰਗੀਆਂ ਮੰਦਭਾਗੀਆਂ ਘਟਨਾਵਾਂ ਸਿਰਫ਼ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਹੀ ਠੇਸ ਨਹੀਂ ਪਹੁੰਚਾਉਂਦੀਆਂ, ਸਗੋਂ ਸੂਬੇ ਦੀ ਭਾਈਚਾਰਕ ਸਾਂਝ ਲਈ ਵੀ ਖ਼ਤਰਾ ਬਣਦੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਜੀਵਨ ਜਿਉਣ ਦੀ ਸਹੀ ਸੇਧ ਦਿੰਦੀ ਹੈ ਅਤੇ ਸਰਬਸਾਂਝੀਵਾਲਤਾ ਦਾ ਸੰਦੇਸ਼ ਪ੍ਰਦਾਨ ਕਰਦੀ ਹੈ। ਅਜਿਹੀਆਂ ਘਟਨਾਵਾਂ ਸਮਾਜ ਵਿੱਚ ਨਫ਼ਰਤ ਅਤੇ ਤਣਾਅ ਪੈਦਾ ਕਰਨ ਦੀ ਕੋਸ਼ਿਸ਼ ਹਨ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਉਹਨਾਂ ਤਾਕਤਾਂ ਨੂੰ ਵੀ ਬੇਨਕਾਬ ਕੀਤਾ ਜਾਵੇ ਜੋ ਅਜਿਹੀਆਂ ਘਟਨਾਵਾਂ ਦੇ ਪਿੱਛੇ ਕੰਮ ਕਰ ਰਹੀਆਂ ਹਨ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਰੱਖੇ ਗੁਟਕਾ ਸਾਹਿਬ ਅਤੇ ਪਾਵਨ ਪੋਥੀਆਂ ਦੀ ਮਰਯਾਦਾ ਅਨੁਸਾਰ ਸੰਭਾਲ ਯਕੀਨੀ ਬਣਾਉਣ।

Posted By: Daily Suraj Bureau

Latest News