Daily Suraj

ਪੰਜਾਬੀ

ਪੰਜਾਬ ਯੂਨੀਵਰਸਿਟੀ ਅਤੇ ਪਾਣੀ ਦੇ ਮੁੱਦਿਆਂ ‘ਤੇ ਕਿਸਾਨਾਂ ਦਾ ਸੰਘਰਸ਼ ਹੋਵੇਗਾ ਤੇਜ਼

14 May, 2026 09:07 PM

ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਵੱਲੋਂ ਭਲਕੇ ਮੋਹਾਲੀ ਤੋਂ ਚੰਡੀਗੜ੍ਹ ਸਥਿਤ ਗਵਰਨਰ ਹਾਊਸ ਤੱਕ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਚੰਡੀਗੜ੍ਹ ਨੂੰ ਮੁਕੰਮਲ ਤੌਰ ‘ਤੇ ਪੰਜਾਬ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਮਾਮਲੇ ‘ਤੇ ਕੇਂਦਰ ਸਰਕਾਰ ਵੱਲੋਂ ਸਪੱਸ਼ਟ ਫੈਸਲਾ ਲਿਆ ਜਾਵੇ। ਕਿਸਾਨ ਜਥੇਬੰਦੀਆਂ ਦੇ ਆਗੂਆਂ ਮੁਤਾਬਕ ਇਸ ਰੋਸ ਮਾਰਚ ਲਈ ਕਿਸਾਨ ਮੋਹਾਲੀ ਦੇ ਫੇਜ਼-5 ਨੇੜੇ ਸਥਿਤ ਨੇਚਰ ਪਾਰਕ ਵਿੱਚ ਇਕੱਠੇ ਹੋਣਗੇ। ਉਥੋਂ ਵੱਡੇ ਕਾਫਲੇ ਦੇ ਰੂਪ ਵਿੱਚ ਉਹ ਚੰਡੀਗੜ੍ਹ ਵੱਲ ਰਵਾਨਾ ਹੋਣਗੇ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤ ਹੈ, ਇਸ ਲਈ ਇਸ ਨੂੰ ਪੱਕੇ ਤੌਰ ‘ਤੇ ਪੰਜਾਬ ਦੇ ਅਧੀਨ ਕੀਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਸਥਾਈ ਮੈਂਬਰਸ਼ਿਪ ਨਾਲ ਸੰਬੰਧਿਤ ਜਾਰੀ ਨੋਟੀਫਿਕੇਸ਼ਨ ਨੂੰ ਤੁਰੰਤ ਰੱਦ ਕਰਨ ਦੀ ਮੰਗ ਵੀ ਉਠਾਈ। ਕਿਸਾਨ ਜਥੇਬੰਦੀਆਂ ਨੇ ਦੋਸ਼ ਲਗਾਇਆ ਕਿ ਪਾਣੀ ਦੀ ਵੰਡ ਦੌਰਾਨ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਡੈਮ ਸੇਫਟੀ ਐਕਟ ਨੂੰ ਵੀ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਕਾਨੂੰਨ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਹੈ। ਕਿਸਾਨ ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ‘ਤੇ ਆੰਦੋਲਨ ਕੀਤਾ ਜਾਵੇਗਾ।

Posted By: Daily Suraj Bureau

Latest News