Daily Suraj

ਪੰਜਾਬੀ

ਕਿਸਾਨਾਂ ਅਤੇ ਪੰਜਾਬ ਸਰਕਾਰ ਵਿਚਾਲੇ ਬਣੀ ਪੂਰਨ ਸਹਿਮਤੀ; 7 ਦਿਨਾਂ ਬਾਅਦ ਧਰਨਾ ਸਮਾਪਤ

07 Sep, 2026 02:47 PM

ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸੰਯੁਕਤ ਕਿਸਾਨ ਮੋਰਚੇ ਵਿਚਾਲੇ ਚੱਲ ਰਿਹਾ ਟਕਰਾਅ ਖ਼ਤਮ ਹੋ ਗਿਆ ਹੈ। ਦੋਵਾਂ ਧਿਰਾਂ ਵਿਚਾਲੇ ਸਾਰੀਆਂ ਪ੍ਰਮੁੱਖ ਮੰਗਾਂ 'ਤੇ ਪੂਰਨ ਸਹਿਮਤੀ ਬਣ ਗਈ ਹੈ, ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਅਧਿਕਾਰਤ ਸਹਿਮਤੀ ਪੱਤਰ ਨੂੰ ਪ੍ਰਵਾਨ ਕਰ ਲਿਆ ਹੈ। ਇਸ ਸਮਝੌਤੇ ਤੋਂ ਬਾਅਦ ਫੇਜ਼-11 ਦੇ ਇੱਕ ਹੋਟਲ ਵਿੱਚ ਮੀਟਿੰਗ ਕਰਨ ਉਪਰੰਤ ਸੰਯੁਕਤ ਕਿਸਾਨ ਮੋਰਚੇ ਦੇ ਸਮੁੱਚੇ ਆਗੂ ਧਰਨਾ ਪੰਡਾਲ ਵੱਲ ਰਵਾਨਾ ਹੋ ਗਏ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨ ਮੋਰਚੇ ਦੇ ਪੰਡਾਲ ਵਿੱਚ ਪਹੁੰਚ ਕੇ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਗਈਆਂ ਮੰਗਾਂ ਦਾ ਰਸਮੀ ਐਲਾਨ ਕਰਨਗੇ। ਮੰਤਰੀ ਦੇ ਐਲਾਨ ਤੋਂ ਬਾਅਦ ਪਿਛਲੇ ਸੱਤ ਦਿਨਾਂ ਤੋਂ ਚੰਡੀਗੜ੍ਹ ਦੀਆਂ ਬਰੂਹਾਂ 'ਤੇ ਚੱਲ ਰਿਹਾ ਇਹ ਧਰਨਾ ਅੱਜ ਸਮਾਪਤ ਹੋ ਜਾਵੇਗਾ ਅਤੇ ਇੱਥੇ ਪਹੁੰਚੇ ਹਜ਼ਾਰਾਂ ਕਿਸਾਨ ਆਪੋ-ਆਪਣੇ ਘਰਾਂ ਨੂੰ ਪਰਤਣਾ ਸ਼ੁਰੂ ਹੋ ਗਏ ਹਨ। ਜ਼ਿਕਰਯੋਗ ਹੈ ਕਿ ਐਤਵਾਰ ਰਾਤ ਪੰਜਾਬ ਭਵਨ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਹੋਈ ਮਹੱਤਵਪੂਰਨ ਮੀਟਿੰਗ ਦੌਰਾਨ ਸਰਕਾਰ ਨੇ ਕਿਸਾਨਾਂ ਦੀਆਂ ਕਈ ਮੁੱਖ ਮੰਗਾਂ 'ਤੇ ਹਾਮੀ ਭਰੀ ਸੀ। ਇਸ ਵਿੱਚ ਦਰਿਆਈ ਪਾਣੀਆਂ ਦੇ ਸਮਝੌਤਿਆਂ ਦੀਆਂ ਕੁਝ ਮੱਦਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਸ਼ਾਮਲ ਹੈ, ਜਿਸ ਨੂੰ ਸਰਕਾਰ ਨੇ ਮੰਨ ਲਿਆ ਹੈ। ਇਸ ਤੋਂ ਇਲਾਵਾ, ਬਿਜਲੀ ਸੋਧ ਬਿਲ, ਬੀਜ ਬਿਲ, ਗੰਨੇ ਦੇ ਭਾਅ ਵਿੱਚ ਵਾਧਾ ਕਰਨ ਅਤੇ ਕਿਸਾਨੀ ਕਰਜ਼ਿਆਂ ਦੇ ਨਿਪਟਾਰੇ ਲਈ ਇੱਕ ਮੁਸ਼ਤ ਸੈਟਲਮੈਂਟ (OTS) ਯੋਜਨਾ ਲਿਆਉਣ ਵਰਗੀਆਂ ਅਹਿਮ ਮੰਗਾਂ 'ਤੇ ਵੀ ਸਰਕਾਰ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।

Posted By: Daily Suraj Bureau

Latest News