Daily Suraj

ਪੰਜਾਬੀ

ਮਨੀ ਲਾਂਡਰਿੰਗ ਕੇਸ: ਗੁਰੂਗ੍ਰਾਮ ਅਦਾਲਤ ਨੇ ਸੰਜੀਵ ਅਰੋੜਾ ਨੂੰ ਮੁੜ ਈਡੀ ਹਵਾਲੇ ਕੀਤਾ

16 May, 2026 01:23 PM

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਦੀ ਅਦਾਲਤ ਨੇ ਦੋ ਦਿਨ ਹੋਰ ਲਈ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਮਨੀ ਲਾਂਡਰਿੰਗ ਰੋਕੂ ਕਾਨੂੰਨ (PMLA) ਤਹਿਤ ਚੱਲ ਰਹੀ ਜਾਂਚ ਦੇ ਸਬੰਧ ਵਿੱਚ ਈਡੀ ਵੱਲੋਂ ਉਨ੍ਹਾਂ ਦਾ ਰਿਮਾਂਡ ਵਧਾਉਣ ਦੀ ਮੰਗ ਕੀਤੀ ਗਈ ਸੀ। ਸ਼ਨੀਵਾਰ ਨੂੰ ਸੱਤ ਦਿਨਾਂ ਦਾ ਪਹਿਲਾਂ ਮਿਲਿਆ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਈਡੀ ਨੇ ਮੰਤਰੀ ਸੰਜੀਵ ਅਰੋੜਾ ਨੂੰ ਅਦਾਲਤ ਵਿੱਚ ਪੇਸ਼ ਕੀਤਾ। ਜਾਂਚ ਏਜੰਸੀ ਨੇ ਅਦਾਲਤ ਅੱਗੇ ਦਲੀਲ ਦਿੱਤੀ ਕਿ ਮਾਮਲੇ ਦੀ ਜਾਂਚ ਹਾਲੇ ਪੂਰੀ ਨਹੀਂ ਹੋਈ ਅਤੇ ਹੋਰ ਪੁੱਛਗਿੱਛ ਦੀ ਲੋੜ ਹੈ। ਇਸ ਦੌਰਾਨ ਈਡੀ ਨੇ ਪੰਜ ਦਿਨਾਂ ਦੇ ਹੋਰ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ ਸੰਜੀਵ ਅਰੋੜਾ ਨੂੰ ਦੋ ਦਿਨ ਲਈ ਹੋਰ ਈਡੀ ਦੀ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ। ਜ਼ਿਕਰਯੋਗ ਹੈ ਕਿ ਈਡੀ ਨੇ 9 ਮਈ ਨੂੰ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਖ਼ਿਲਾਫ਼ ਕਰੋੜਾਂ ਰੁਪਏ ਦੀ ਮਨੀ ਲਾਂਡਰਿੰਗ ਦੇ ਦੋਸ਼ਾਂ ਹੇਠ PMLA ਤਹਿਤ ਕਾਰਵਾਈ ਕੀਤੀ ਗਈ ਸੀ। ਈਡੀ ਦੀ ਇਸ ਕਾਰਵਾਈ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਵਿਰੋਧ ਪ੍ਰਦਰਸ਼ਨ ਵੀ ਕੀਤੇ ਗਏ ਸਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸੰਜੀਵ ਅਰੋੜਾ ਕੋਲ ਮੌਜੂਦ ਤਿੰਨ ਵਿਭਾਗ ਹੋਰ ਮੰਤਰੀਆਂ ਵਿੱਚ ਵੰਡ ਦਿੱਤੇ ਸਨ। ਦੂਜੇ ਪਾਸੇ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਈਡੀ ਦੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਵੀ ਕੀਤਾ ਹੈ।

Posted By: Daily Suraj Bureau

Latest News