Daily Suraj

ਪੰਜਾਬੀ

ਧੀਆਂ ਦੇ ਵਿਆਹ ਲਈ ਵੱਡੀ ਮਦਦ: ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਹੇਠ ₹14.16 ਕਰੋੜ ਜਾਰੀ ਕੀਤੇ

07 Mar, 2026 05:56 PM

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025–26 ਦੌਰਾਨ 2,777 ਯੋਗ ਲਾਭਪਾਤਰੀਆਂ ਨੂੰ ਕੁੱਲ ₹14.16 ਕਰੋੜ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਨ੍ਹਾਂ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਇੱਜ਼ਤ ਅਤੇ ਸਨਮਾਨ ਨਾਲ ਹੋ ਸਕਣ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ, ਬਰਨਾਲਾ, ਫਰੀਦਕੋਟ, ਸ੍ਰੀ ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਐਸ.ਏ.ਐਸ. ਨਗਰ, ਸੰਗਰੂਰ, ਮਲੇਰਕੋਟਲਾ ਅਤੇ ਤਰਨ ਤਾਰਨ ਸਮੇਤ 15 ਜ਼ਿਲ੍ਹਿਆਂ ਤੋਂ ਮਿਲੀਆਂ ਅਰਜ਼ੀਆਂ ਦੀ ਜਾਂਚ ਤੋਂ ਬਾਅਦ 2,777 ਯੋਗ ਲਾਭਪਾਤਰੀਆਂ ਨੂੰ ਵਿੱਤੀ ਮਦਦ ਜਾਰੀ ਕੀਤੀ ਗਈ ਹੈ। ਜ਼ਿਲ੍ਹਾ-ਵਾਰ ਵੇਰਵੇ ਅਨੁਸਾਰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ 351, ਬਰਨਾਲਾ ਵਿੱਚ 37, ਫਰੀਦਕੋਟ ਵਿੱਚ 59, ਸ੍ਰੀ ਫਤਿਹਗੜ੍ਹ ਸਾਹਿਬ ਵਿੱਚ 46, ਗੁਰਦਾਸਪੁਰ ਵਿੱਚ 523, ਹੁਸ਼ਿਆਰਪੁਰ ਵਿੱਚ 354 ਅਤੇ ਜਲੰਧਰ ਵਿੱਚ 24 ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਮਿਲਿਆ ਹੈ। ਇਸੇ ਤਰ੍ਹਾਂ ਲੁਧਿਆਣਾ ਵਿੱਚ 62, ਮੋਗਾ ਵਿੱਚ 42, ਸ੍ਰੀ ਮੁਕਤਸਰ ਸਾਹਿਬ ਵਿੱਚ 107, ਪਟਿਆਲਾ ਵਿੱਚ 519, ਐਸ.ਏ.ਐਸ. ਨਗਰ ਵਿੱਚ 79, ਸੰਗਰੂਰ ਵਿੱਚ 164, ਮਲੇਰਕੋਟਲਾ ਵਿੱਚ 155 ਅਤੇ ਤਰਨ ਤਾਰਨ ਵਿੱਚ 255 ਲਾਭਪਾਤਰੀਆਂ ਨੂੰ ਵੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਯੋਗ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ ₹51,000 ਦੀ ਵਿੱਤੀ ਮਦਦ ਦਿੰਦੀ ਹੈ। ਇਸ ਮਦਦ ਨਾਲ ਗਰੀਬ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਆਪਣੇ ਬੱਚਿਆਂ ਦੇ ਵਿਆਹ ਸਮਾਰੋਹ ਨੂੰ ਸਨਮਾਨ ਨਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਕੀਮ ਸਮਾਜ ਦੇ ਪਿੱਛੜੇ ਵਰਗਾਂ ਲਈ ਵੱਡਾ ਸਹਾਰਾ ਬਣ ਰਹੀ ਹੈ ਅਤੇ ਇਸ ਨਾਲ ਪਰਿਵਾਰਾਂ ਨੂੰ ਆਰਥਿਕ ਬੋਝ ਤੋਂ ਕੁਝ ਹੱਦ ਤੱਕ ਰਾਹਤ ਮਿਲਦੀ ਹੈ। ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਕੀਮ ਦੇ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਅਰਜ਼ੀਆਂ ਦੀ ਪ੍ਰਕਿਰਿਆ ਅਸ਼ੀਰਵਾਦ ਪੋਰਟਲ ‘ਤੇ ਸੇਵਾ ਕੇਂਦਰਾਂ ਰਾਹੀਂ ਪਾਰਦਰਸ਼ੀ ਅਤੇ ਸੁਗਮ ਢੰਗ ਨਾਲ ਜਾਰੀ ਰਹੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਵੇ। ਮੰਤਰੀ ਨੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਅਰਜ਼ੀਕਰਤਾ ਦਾ ਪੰਜਾਬ ਦਾ ਸਥਾਈ ਨਿਵਾਸੀ ਹੋਣਾ ਜ਼ਰੂਰੀ ਹੈ ਅਤੇ ਉਹ ਬੀਪੀਐਲ ਪਰਿਵਾਰ ਨਾਲ ਸੰਬੰਧਿਤ ਹੋਵੇ। ਇਹ ਪਰਿਵਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ ਸ਼ਾਮਲ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ ਪਰਿਵਾਰ ਦੀ ਸਾਲਾਨਾ ਆਮਦਨ ਸਾਰੇ ਸਰੋਤਾਂ ਤੋਂ ₹32,790 ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਇੱਕ ਯੋਗ ਪਰਿਵਾਰ ਦੀਆਂ ਦੋ ਧੀਆਂ ਤੱਕ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵਿੱਤੀ ਸਹਾਇਤਾ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਬੇਨੀਫਿਟ ਟ੍ਰਾਂਸਫਰ (DBT) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਦਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।

Posted By: Daily Suraj Bureau

Latest News