ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਮੀਟਿੰਗ
(ਆਰ.ਕੇ. ਸੋਨੀ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਵੱਲੋਂ ਬੱਚਤ ਭਵਨ ਵਿੱਚ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਸ਼ਹਿਰੀ ਇੰਚਾਰਜ ਸ਼੍ਰੀ ਦਿਕਸਿਤ ਧਵਨ ਨੇ ਕੀਤੀ। ਮੀਟਿੰਗ ਦੌਰਾਨ ਨਸ਼ਿਆਂ ਦੇ ਖਿਲਾਫ ਚੱਲ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਅਤੇ ਜਮੀਨੀ ਪੱਧਰ ‘ਤੇ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਸ਼੍ਰੀ ਧਵਨ ਨੇ ਕਿਹਾ ਕਿ ਨਸ਼ਿਆਂ ਦੀ ਲਤ ਸਮਾਜ ਲਈ ਇੱਕ ਗੰਭੀਰ ਚੁਣੌਤੀ ਹੈ ਅਤੇ ਇਸ ਦੇ ਖਾਤਮੇ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਦੂਰ ਰੱਖਣ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕਈ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ ਅਤੇ ਨਸ਼ਾ ਮੁਕਤੀ ਮੋਰਚਾ ਇਨ੍ਹਾਂ ਯਤਨਾਂ ਨੂੰ ਜਮੀਨੀ ਪੱਧਰ ਤੱਕ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਮੀਟਿੰਗ ਵਿੱਚ ਇਹ ਫੈਸਲਾ ਵੀ ਲਿਆ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ, ਸੈਮੀਨਾਰਾਂ ਅਤੇ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਅੰਮ੍ਰਿਤਸਰ ਸ਼ਹਿਰੀ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ। ਹਲਕਾ ਇੰਚਾਰਜ ਜੈ ਬੁੱਟਰ, ਮਨਜੀਤ ਸਿੰਘ ਫ਼ੌਜੀ, ਕੁਲਵੰਤ ਸਿੰਘ ਵਡਾਲੀ, ਸਾਹਿਬ ਸਿੰਘ ਗਿੱਲ, ਰਾਹੀਲ ਸੇਠ ਸਮੇਤ ਵਾਈਸ ਹਲਕਾ ਇੰਚਾਰਜ ਅਤੇ ਸਮੂਹ ਬਲੋਕ ਪ੍ਰਧਾਨਾਂ ਨੇ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਤਾ।
Posted By: Daily Suraj Bureau