ਆਗਾਮੀ ਚੋਣਾਂ ਲਈ ‘ਆਪ’ ਦੀ ਤਿਆਰੀਆਂ ਤੇਜ਼, ਜਲੰਧਰ ਵਿੱਚ ਸੂਬਾਈ ਮੀਟਿੰਗ
ਆਮ ਆਦਮੀ ਪਾਰਟੀ (ਆਪ) ਵੱਲੋਂ ਅੱਜ ਬੁੱਧਵਾਰ ਨੂੰ ਜਲੰਧਰ ਵਿੱਚ ਪਾਰਟੀ ਵਰਕਰਾਂ ਦੀ ਇੱਕ ਅਹਿਮ ਸੂਬਾਈ ਮੀਟਿੰਗ ਆਯੋਜਿਤ ਕੀਤੀ ਜਾ ਰਹੀ ਹੈ। ਇਸ ਬੈਠਕ ਵਿੱਚ ਪਾਰਟੀ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਲਗਭਗ 1000 ਬਲਾਕ ਆਬਜ਼ਰਵਰਾਂ ਨੂੰ ਸੱਦਾ ਦਿੱਤਾ ਗਿਆ ਹੈ। ਇਹ ਮੀਟਿੰਗ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਹੋਵੇਗੀ, ਜਿਸ ਵਿੱਚ ਪਾਰਟੀ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਕਰਨ ਦੀ ਰਣਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਮੁੱਦੇ ‘ਤੇ ਵੀ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਮੁਤਾਬਕ ਇਹ ਮੀਟਿੰਗ ਪੀਏਪੀ (PAP) ਜਲੰਧਰ ਵਿਖੇ ਹੋਵੇਗੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਰਚੁਅਲੀ ਤੌਰ ‘ਤੇ ਮੀਟਿੰਗ ਨਾਲ ਜੁੜਣਗੇ। ਇਸ ਤੋਂ ਇਲਾਵਾ, ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਵੀ ਵਰਚੁਅਲ ਸੰਬੋਧਨ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਮੀਟਿੰਗ ਸੰਬੰਧੀ ਜਾਣਕਾਰੀ ਬੀਤੇ ਦਿਨ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਵੱਖ-ਵੱਖ ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਸਨ। ਇਸ ਮਾਮਲੇ ‘ਤੇ ਸਪਸ਼ਟੀਕਰਨ ਦਿੰਦਿਆਂ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ ਕਿ ਇਹ ਕੋਈ ਐਮਰਜੈਂਸੀ ਮੀਟਿੰਗ ਨਹੀਂ, ਸਗੋਂ ਇੱਕ ਨਿਯਮਤ ਸੰਗਠਨਾਤਮਕ ਬੈਠਕ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੀਟਿੰਗਾਂ ਪਾਰਟੀ ਦੀ ਰੁਟੀਨ ਪ੍ਰਕਿਰਿਆ ਦਾ ਹਿੱਸਾ ਹੁੰਦੀਆਂ ਹਨ, ਜਿੱਥੇ ਹਰੇਕ ਬਲਾਕ ਦੀ ਸੰਗਠਨਾਤਮਕ ਸਥਿਤੀ, ਜ਼ਮੀਨੀ ਫੀਡਬੈਕ ਅਤੇ ਭਵਿੱਖ ਦੀ ਕਾਰਜ ਯੋਜਨਾ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਂਦੀ ਹੈ।
Posted By: Daily Suraj Bureau