ਭਾਜਪਾ ਆਗੂ ਦੇ ਬਿਆਨ ਨੂੰ ਲੈ ਕੇ ਕਾਂਗਰਸ ਦਾ ਵਿਰੋਧ ਤੇਜ਼, ਜ਼ਿਲ੍ਹਾ ਪੱਧਰ 'ਤੇ ਹੋਣਗੇ ਪ੍ਰਦਰਸ਼ਨ
ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵੱਲੋਂ ਪੰਜਾਬੀਆਂ ਬਾਰੇ ਕਥਿਤ ਤੌਰ 'ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਮਾਮਲੇ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਨੇ ਅੱਜ ਸੂਬਾ ਭਰ ਵਿੱਚ ਸੜਕਾਂ 'ਤੇ ਉਤਰ ਕੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਕਾਂਗਰਸ ਪਾਰਟੀ ਦੇ ਪ੍ਰੋਗਰਾਮ ਅਨੁਸਾਰ ਸਾਰੇ ਜ਼ਿਲ੍ਹਿਆਂ ਵਿੱਚ ਭਾਜਪਾ ਖ਼ਿਲਾਫ਼ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਸ ਦੌਰਾਨ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਪੁਤਲੇ ਵੀ ਫੂਕੇ ਜਾਣਗੇ। ਪੰਜਾਬ ਕਾਂਗਰਸ ਦੇ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਦੀ ਸੋਚ ਹਮੇਸ਼ਾ ਹੀ ਪੰਜਾਬ ਵਿਰੋਧੀ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਨਮਾਨ 'ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਾਂਗਰਸ ਨੇ ਪੰਜਾਬੀਆਂ ਪ੍ਰਤੀ ਕਥਿਤ ਤੌਰ 'ਤੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਇਸ ਵੀਡੀਓ ਵਿੱਚ ਉਹ ਪੰਜਾਬੀਆਂ ਨੂੰ ਕਥਿਤ ਤੌਰ 'ਤੇ "ਇਮੋਸ਼ਨਲ ਬਲੱਡੀ ਫੂਲ" ਕਹਿੰਦੇ ਹੋਏ ਦਿਖਾਈ ਦੇ ਰਹੇ ਹਨ। ਹਾਲਾਂਕਿ, ਜਤਿੰਦਰ ਪਾਲ ਮਲਹੋਤਰਾ ਨੇ ਇਸ ਮਾਮਲੇ 'ਤੇ ਆਪਣਾ ਸਪੱਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਵੀਡੀਓ ਨੂੰ ਅਧੂਰੇ ਰੂਪ ਵਿੱਚ ਪੇਸ਼ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਅੰਮ੍ਰਿਤਸਰ ਵਿੱਚ ਜਨਮੇ ਅਤੇ ਪਲੇ-ਬੜੇ ਹਨ ਅਤੇ ਪੰਜਾਬੀਆਂ ਬਾਰੇ ਅਜਿਹਾ ਸੋਚ ਵੀ ਨਹੀਂ ਸਕਦੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਜਾਣਬੁੱਝ ਕੇ ਭਾਜਪਾ ਅਤੇ ਉਨ੍ਹਾਂ ਦੀ ਛਵੀ ਨੂੰ ਖ਼ਰਾਬ ਕਰਨ ਲਈ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
Posted By: Daily Suraj Bureau