ਜਤਿੰਦਰ ਸਿੰਘ ਦਾ ਐਲਾਨ: ਪਟਿਆਲਾ ਵਿੱਚ ਪਰਮਾਣੂ ਊਰਜਾ ਪਲਾਂਟ ਲਈ ਨਵੀਂ ਸਮੀਖਿਆ
- ਪੰਜਾਬ
- (Asia/Kolkata)
ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਊਰਜਾ ਖੇਤਰ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਕੇਂਦਰੀ ਰਾਜ ਮੰਤਰੀ ਡਾ. ਜਤਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਪਟਿਆਲਾ ਵਿੱਚ ਪਰਮਾਣੂ ਊਰਜਾ ਪਲਾਂਟ ਲਗਾਉਣ ਦੀ ਸੰਭਾਵਨਾ ਦੀ ਮੁੜ ਜਾਂਚ ਕਰਵਾਈ ਜਾਵੇਗੀ। ਇਹ ਐਲਾਨ ਉਨ੍ਹਾਂ ਵੱਲੋਂ ਪੰਜਾਬ ਦੇ ਬੁੱਧੀਜੀਵੀਆਂ, ਸਾਬਕਾ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਉਦਯੋਗਿਕ ਮਾਹਿਰਾਂ ਨਾਲ ‘ਪੰਜਾਬ ਲਈ ਚੁਣੌਤੀਆਂ ਅਤੇ ਮੌਕੇ’ ਵਿਸ਼ੇ ’ਤੇ ਹੋਈ ਇਕ ਇੰਟਰਐਕਟਿਵ ਸੈਸ਼ਨ ਦੌਰਾਨ ਕੀਤਾ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐੱਸ. ਸਿੱਧੂ ਵੀ ਮੌਜੂਦ ਸਨ। ਮੰਤਰੀ ਨੇ ਕਿਹਾ ਕਿ ਜੇਕਰ ਤਕਨੀਕੀ ਅਤੇ ਵਿਵਹਾਰਕ ਪੱਖੋਂ ਸਾਰੇ ਮਾਪਦੰਡ ਠੀਕ ਪਾਏ ਜਾਂਦੇ ਹਨ, ਤਾਂ ਸਰਕਾਰ ਪਟਿਆਲਾ ਵਿੱਚ ਪਰਮਾਣੂ ਪਲਾਂਟ ਸਥਾਪਤ ਕਰਨ ਲਈ ਸਾਰੇ ਵਿਕਲਪਾਂ ’ਤੇ ਗੰਭੀਰਤਾ ਨਾਲ ਵਿਚਾਰ ਕਰੇਗੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਇਸ ਸੰਬੰਧੀ ਫੈਸਲਾ ਪੂਰੀ ਤਰ੍ਹਾਂ ਤਕਨੀਕੀ ਸਮੀਖਿਆ ਦੇ ਆਧਾਰ ’ਤੇ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪਟਿਆਲਾ ਦੇ ਪਿੰਡ ਦਰੌਲੀ ਵਿੱਚ ਪਰਮਾਣੂ ਪਲਾਂਟ ਲਗਾਉਣ ਦੀ ਤਜਵੀਜ਼ ਸਭ ਤੋਂ ਪਹਿਲਾਂ 2000 ਦੇ ਸ਼ੁਰੂਆਤੀ ਦੌਰ ਵਿੱਚ ਸਾਹਮਣੇ ਆਈ ਸੀ। ਹਾਲਾਂਕਿ, ਲੰਬੇ ਸਮੇਂ ਤੋਂ ਇਹ ਪ੍ਰੋਜੈਕਟ ਠੰਢੇ ਬਸਤੇ ਵਿੱਚ ਪਿਆ ਹੋਇਆ ਸੀ। ਹੁਣ ਕੇਂਦਰ ਸਰਕਾਰ ਵੱਲੋਂ ਇਸਦੀ ਮੁੜ ਸਮੀਖਿਆ ਕਰਨ ਦੇ ਫੈਸਲੇ ਨਾਲ ਇਸ ਪ੍ਰੋਜੈਕਟ ਨੂੰ ਨਵੀਂ ਰਫ਼ਤਾਰ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਡਾ. ਜਤਿੰਦਰ ਸਿੰਘ ਨੇ ਕਿਹਾ ਕਿ ਜੇਕਰ ਇਹ ਪ੍ਰੋਜੈਕਟ ਸਫਲ ਰਹਿੰਦਾ ਹੈ, ਤਾਂ ਇਹ ਪੰਜਾਬ ਵਿੱਚ ਊਰਜਾ ਖੇਤਰ ਵਿੱਚ ਵੱਡੀ ਤਬਦੀਲੀ ਲਿਆ ਸਕਦਾ ਹੈ। ਇਸ ਨਾਲ ਉਦਯੋਗਾਂ ਲਈ ਸਸਤੀ ਅਤੇ ਨਿਰੰਤਰ ਬਿਜਲੀ ਦੀ ਸਪਲਾਈ ਯਕੀਨੀ ਬਣੇਗੀ, ਜਿਸ ਨਾਲ ਰਾਜ ਦੇ ਆਰਥਿਕ ਵਿਕਾਸ ਨੂੰ ਵਧਾਵਾ ਮਿਲੇਗਾ।
Leave a Reply