ਰਾਜਪਾਲ ਦੀ ਮੰਜ਼ੂਰੀ ਨਾਲ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਕਾਨੂੰਨ ਬਣਿਆ
- ਪੰਜਾਬ
- (Asia/Kolkata)
ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਨਾਲ ਇਹ ਬਿੱਲ ਹੁਣ ਕਾਨੂੰਨ ਦਾ ਰੂਪ ਧਾਰ ਚੁੱਕਾ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਰਾਜਪਾਲ ਦੀ ਮੰਜ਼ੂਰੀ ਮਿਲਣ ਤੋਂ ਬਾਅਦ ਇਹ ਬਿੱਲ ਹੁਣ ਲਾਗੂ ਹੋ ਗਿਆ ਹੈ। ਮੁੱਖ ਮੰਤਰੀ ਨੇ ਇਸ ਮੌਕੇ ਵਾਹਿਗੁਰੂ ਦਾ ਸ਼ੁਕਰ ਅਦਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਨਵੇਂ ਕਾਨੂੰਨ ਅਨੁਸਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਪ੍ਰਾਵਧਾਨ ਕੀਤੇ ਗਏ ਹਨ। ਇਸ ਵਿੱਚ 25 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵੀ ਤਜਵੀਜ਼ ਰੱਖੀ ਗਈ ਹੈ, ਜਿਸ ਨਾਲ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨੀ ਪੱਧਰ ‘ਤੇ ਕੜੀ ਕਾਰਵਾਈ ਸੰਭਵ ਹੋਵੇਗੀ। ਜ਼ਿਕਰਯੋਗ ਹੈ ਕਿ ਇਹ ਬਿੱਲ 13 ਅਪ੍ਰੈਲ ਨੂੰ ਵਿਸਾਖੀ ਦੇ ਦਿਨ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਮਾਨ ਸਰਕਾਰ ਵੱਲੋਂ ਪਹਿਲਾਂ ਹੀ ਸਪੱਸ਼ਟ ਕੀਤਾ ਗਿਆ ਸੀ ਕਿ ਇਹ ਸੂਬਾਈ ਕਾਨੂੰਨ ਵਿੱਚ ਸੋਧ ਹੋਣ ਕਰਕੇ ਇਸ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਲੋੜ ਨਹੀਂ ਸੀ ਅਤੇ ਰਾਜਪਾਲ ਦੀ ਸਹਿਮਤੀ ਨਾਲ ਹੀ ਇਹ ਲਾਗੂ ਕੀਤਾ ਜਾ ਸਕਦਾ ਸੀ। ਇਸ ਕਾਨੂੰਨ ਦੇ ਲਾਗੂ ਹੋਣ ਨਾਲ ਪੰਜਾਬ ਵਿੱਚ ਧਾਰਮਿਕ ਅਸਮਾਨਤਾਵਾਂ ਅਤੇ ਬੇਅਦਬੀ ਦੇ ਮਾਮਲਿਆਂ ‘ਤੇ ਨਿਯੰਤਰਣ ਲਈ ਇੱਕ ਮਜ਼ਬੂਤ ਕਾਨੂੰਨੀ ਢਾਂਚਾ ਤਿਆਰ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
Leave a Reply