ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਫ਼ਿਲਮ ਲਈ ਨਹੀਂ ਦਿੱਤੀ ਕੋਈ ਪ੍ਰਵਾਨਗੀ, ਸੋਸ਼ਲ ਮੀਡੀਆ ਦੀਆਂ ਖ਼ਬਰਾਂ ਗੁੰਮਰਾਹਕੁਨ
ਬਾਲੀਵੁੱਡ ਅਦਾਕਾਰ ਰਾਜ ਕੁੰਦਰਾ ਦੀ ਬਣਾਈ ਜਾ ਰਹੀ ਫ਼ਿਲਮ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨੇ ਸਥਿਤੀ ਸਪੱਸ਼ਟ ਕੀਤੀ ਹੈ। ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਰਾਜ ਕੁੰਦਰਾ ਨੂੰ ਉਨ੍ਹਾਂ ਦੀ ਫ਼ਿਲਮ ਸਬੰਧੀ ਕਿਸੇ ਕਿਸਮ ਦੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸੋਸ਼ਲ ਮੀਡੀਆ ’ਤੇ ਇਸ ਸਬੰਧੀ ਕੀਤੇ ਜਾ ਰਹੇ ਦਾਅਵੇ ਬੇਬੁਨਿਆਦ ਅਤੇ ਗੁੰਮਰਾਹਕੁਨ ਹਨ।
ਬਗੀਚਾ ਸਿੰਘ ਨੇ ਦੱਸਿਆ ਕਿ ਰਾਜ ਕੁੰਦਰਾ ਕੁਝ ਸਮਾਂ ਪਹਿਲਾਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਆਪਣੀ ਬਣਾਈ ਜਾ ਰਹੀ ਫ਼ਿਲਮ ਬਾਰੇ ਵਿਚਾਰ ਸਾਂਝੇ ਕੀਤੇ ਸਨ। ਜਥੇਦਾਰ ਨੇ ਉਨ੍ਹਾਂ ਦੀ ਗੱਲਬਾਤ ਧਿਆਨ ਨਾਲ ਸੁਣੀ ਸੀ ਅਤੇ ਫ਼ਿਲਮਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਕੀਤੇ ਗਏ ਆਦੇਸ਼ ਦੀ ਕਾਪੀ ਸੌਂਪੀ ਸੀ।
ਉਨ੍ਹਾਂ ਦੱਸਿਆ ਕਿ ਇਹ ਆਦੇਸ਼ 28 ਦਸੰਬਰ 2025 ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤਾ ਗਿਆ ਸੀ, ਜਿਸ ਦਾ ਨੰਬਰ ਅ:ਤ/242 ਹੈ। ਇਸ ਵਿੱਚ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ ਅਤੇ ਸ਼ਹੀਦਾਂ ਦੇ ਕਿਰਦਾਰਾਂ ਜਾਂ ਸਿੱਖ ਸੰਸਕਾਰਾਂ ਦੀ ਨਕਲ ਕਰਦਿਆਂ ਫ਼ਿਲਮਾਂ, ਐਨੀਮੇਸ਼ਨ ਫ਼ਿਲਮਾਂ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਰਾਹੀਂ ਵੀਡੀਓ ਨਹੀਂ ਬਣਾਈਆਂ ਜਾ ਸਕਦੀਆਂ। ਇਸੇ ਤਰ੍ਹਾਂ ਸਿੱਖ ਇਤਿਹਾਸ ਦੇ ਵੱਖ-ਵੱਖ ਪਹਿਲੂਆਂ ਨੂੰ ਅਜਿਹੇ ਢੰਗ ਨਾਲ ਪੇਸ਼ ਕਰਨ ’ਤੇ ਵੀ ਰੋਕ ਸਬੰਧੀ ਹਦਾਇਤਾਂ ਦਰਜ ਹਨ।
ਬਗੀਚਾ ਸਿੰਘ ਨੇ ਕਿਹਾ ਕਿ ਮੌਜੂਦਾ ਤਕਨੀਕੀ ਦੌਰ ਵਿੱਚ ਸਿੱਖ ਪਛਾਣ, ਰਵਾਇਤਾਂ, ਸਿਧਾਂਤਾਂ ਅਤੇ ਫ਼ਲਸਫ਼ੇ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਸਮੇਂ ਵਿੱਚ ਸਿੱਖ ਵਿਰਾਸਤ ਅਤੇ ਧਾਰਮਿਕ ਪਰੰਪਰਾਵਾਂ ਦੀ ਸਹੀ ਜਾਣਕਾਰੀ ਅੱਗੇ ਪਹੁੰਚਾਉਣ ਲਈ ਪੁਰਾਤਨ ਰਵਾਇਤਾਂ ਅਤੇ ਸਾਖੀ ਪਰੰਪਰਾ ਨੂੰ ਸੰਭਾਲਣਾ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਸੰਸਥਾਵਾਂ ਰਾਹੀਂ ਰਵਾਇਤੀ ਪ੍ਰਚਾਰ ਤੇ ਪ੍ਰਸਾਰ ਨੂੰ ਮਜ਼ਬੂਤ ਕਰਨਾ ਵੀ ਲਾਜ਼ਮੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਰਾਜ ਕੁੰਦਰਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਫ਼ਿਲਮਾਂ ਸਬੰਧੀ ਪਹਿਲਾਂ ਪਾਸ ਕੀਤੇ ਗਏ ਮਤਿਆਂ ਦੀਆਂ ਕਾਪੀਆਂ ਵੀ ਦਿੱਤੀਆਂ ਗਈਆਂ ਸਨ, ਤਾਂ ਜੋ ਉਹ ਫ਼ਿਲਮ ਬਣਾਉਂਦੇ ਸਮੇਂ ਇਨ੍ਹਾਂ ਹਦਾਇਤਾਂ ਅਤੇ ਮਤਿਆਂ ਨੂੰ ਧਿਆਨ ਵਿੱਚ ਰੱਖ ਸਕਣ।
ਸਕੱਤਰੇਤ ਇੰਚਾਰਜ ਨੇ ਕਿਹਾ ਕਿ ਸੋਸ਼ਲ ਮੀਡੀਆ ਦੇ ਕੁਝ ਅਣਅਧਿਕਾਰਤ ਖਾਤਿਆਂ ਰਾਹੀਂ ਇਹ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਜ ਕੁੰਦਰਾ ਨੂੰ ਉਨ੍ਹਾਂ ਦੀ ਫ਼ਿਲਮ ਬਣਾਉਣ ਲਈ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਨੇ ਇਸ ਪ੍ਰਚਾਰ ਨੂੰ ਪੂਰੀ ਤਰ੍ਹਾਂ ਗਲਤ ਕਰਾਰ ਦਿੰਦਿਆਂ ਕਿਹਾ ਕਿ ਮੁਲਾਕਾਤ ਦੌਰਾਨ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਸੀ।
ਬਗੀਚਾ ਸਿੰਘ ਅਨੁਸਾਰ, ਇਸ ਤਰ੍ਹਾਂ ਦੀ ਗੁੰਮਰਾਹਕੁਨ ਜਾਣਕਾਰੀ ਫੈਲਾਉਣ ਵਾਲੀਆਂ ਸੋਸ਼ਲ ਮੀਡੀਆ ਪੋਸਟਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਦੇ ਸਬੰਧ ਵਿੱਚ ਕਾਰਵਾਈ ਵੀ ਕੀਤੀ ਜਾ ਰਹੀ ਹੈ।