ਹੜਤਾਲੀ ਮੁਲਾਜ਼ਮਾਂ ਨੂੰ CM ਭਗਵੰਤ ਮਾਨ ਦਾ ਸਖ਼ਤ ਸੁਨੇਹਾ: ‘ਗੱਲਬਾਤ ਤੇ ਹੜਤਾਲ ਇਕੱਠੀਆਂ ਨਹੀਂ ਚੱਲ ਸਕਦੀਆਂ’
ਪੰਜਾਬ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਹੜਤਾਲ ਦਰਮਿਆਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਗੱਲਬਾਤ ਹੜਤਾਲ ਦੇ ਨਾਲ-ਨਾਲ ਨਹੀਂ ਚੱਲ ਸਕਦੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ ਕਰਨ ਤੋਂ ਬਾਅਦ ਹੀ ਸਰਕਾਰ ਨਾਲ ਗੱਲਬਾਤ ਹੋਵੇਗੀ। ਮੁੱਖ ਮੰਤਰੀ ਨੇ ਇਹ ਗੱਲ ਆਪਣੇ ਐਕਸ (X) ਅਕਾਊਂਟ ’ਤੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸਰਕਾਰ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀ ਹਰ ਜਾਇਜ਼ ਮੰਗ ਸੁਣਨ ਲਈ ਸਰਕਾਰ ਤਿਆਰ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਗੱਲਬਾਤ ਅਤੇ ਹੜਤਾਲ ਦੋਵੇਂ ਇੱਕੋ ਸਮੇਂ ਨਹੀਂ ਚੱਲ ਸਕਦੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਇਸ ਲਈ ਪਹਿਲਾਂ ਹੜਤਾਲ ਖ਼ਤਮ ਕਰਨੀ ਹੋਵੇਗੀ। ਸਰਕਾਰੀ ਦਫ਼ਤਰਾਂ ਵਿੱਚ ਰੋਸ ਰੈਲੀਆਂ ਦੂਜੇ ਪਾਸੇ, ਪੰਜਾਬ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਅਤੇ ਫਰੰਟ ਦੇ ਸੱਦੇ ’ਤੇ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਠੱਪ ਰਿਹਾ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਖ-ਵੱਖ ਥਾਵਾਂ ’ਤੇ ਰੋਸ ਰੈਲੀਆਂ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੰਜਾਬ ਸਿਵਲ ਸਕੱਤਰੇਤ ਵਿੱਚ ਮੰਤਰੀਆਂ ਦਾ ਸਮੁੱਚਾ ਸਟਾਫ ਵੀ ਰੋਸ ਰੈਲੀ ਵਿੱਚ ਸ਼ਾਮਲ ਹੋਇਆ। ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਪ੍ਰਦਰਸ਼ਨਾਂ ਵਿੱਚ ਹਿੱਸਾ ਲਿਆ। ਚੰਡੀਗੜ੍ਹ ਦੇ ਸੈਕਟਰ-17 ਵਿੱਚ ਪੁਲ ਹੇਠ ਵੱਖ-ਵੱਖ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ ਕੀਤੀਆਂ ਗਈਆਂ, ਜਦਕਿ ਸੈਕਟਰ-17 ਸਥਿਤ ਉਦਯੋਗ ਭਵਨ ਵਿੱਚ ਪੀਐੱਸਆਈਈਸੀ ਸਟਾਫ ਐਸੋਸੀਏਸ਼ਨ ਵੱਲੋਂ ਵੀ ਪ੍ਰਦਰਸ਼ਨ ਕੀਤਾ ਗਿਆ। ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਸਕੱਤਰੇਤ ਵਿੱਚ ਮੁਲਾਜ਼ਮ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇ ਅੱਜ ਮੁੱਖ ਮੰਤਰੀ ਨਾਲ ਤਾਲਮੇਲ ਕਮੇਟੀ ਦੀ ਤੈਅ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਇਸ ਦਾ ਸਿਆਸੀ ਨੁਕਸਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਝੱਲਣਾ ਪਵੇਗਾ। ਇਸੇ ਦੌਰਾਨ ਮੁੱਖ ਮੰਤਰੀ ਦਫ਼ਤਰ ਵੱਲੋਂ ਜਥੇਬੰਦੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ, ਸੁਸ਼ੀਲ ਕੁਮਾਰ ਫੌਜੀ ਅਤੇ ਸਾਹਿਲ ਸ਼ਰਮਾ ਸਿਵਲ ਸਕੱਤਰੇਤ, ਚੰਡੀਗੜ੍ਹ ਤੋਂ ਜਲੰਧਰ ਪਹੁੰਚ ਗਏ ਹਨ।
Posted By: Daily Suraj Bureau