Daily Suraj

ਪੰਜਾਬੀ

ਤੂਰ ਵਣਜਾਰਾ ਕਾਂਡ : ਵਿੱਤ ਮੰਤਰੀ ਹਰਪਾਲ ਚੀਮਾ ਵਿਰੁੱਧ ਪਰਚਾ ਦਰਜ ਕਰਾਉਣ ਲਈ 18 ਸਤੰਬਰ ਨੂੰ ਸੰਗਰੂਰ ’ਚ ਹੋਵੇਗਾ ਰੋਹ ਭਰਪੂਰ ਪ੍ਰਦਰਸ਼ਨ

15 Sep, 2026 02:39 PM

ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਲਈ ਵਿੱਤ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਅਸਤੀਫ਼ੇ ਦੀ ਮੰਗ ਪੁਲਿਸ ਅਧਿਕਾਰੀਆਂ ’ਤੇ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਵੀ ਮੰਗ (ਜਗਸੀਰ ਸਿੰਘ)- ਤੂਰ ਵਣਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਲਈ ਜ਼ਿੰਮੇਵਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਅਸਤੀਫ਼ਾ ਲੈ ਕੇ ਉਨ੍ਹਾਂ ਵਿਰੁੱਧ ਪਰਚਾ ਦਰਜ ਕਰਨ, ਮ੍ਰਿਤਕ ਗੁਲਜ਼ਾਰ ਸਿੰਘ ਦੇ ਸਸਕਾਰ ਸਮੇਂ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਕੇ ਜ਼ਬਰਦਸਤੀ ਸਸਕਾਰ ਕਰਨ ਅਤੇ ਪਰਿਵਾਰ ਨੂੰ ਅੰਤਿਮ ਰਸਮਾਂ ਨਾ ਕਰਨ ਦੇਣ ਵਾਲੇ ਪੁਲਿਸ ਅਧਿਕਾਰੀਆਂ ’ਤੇ ਕਾਰਵਾਈ ਕਰਾਉਣ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ 18 ਸਤੰਬਰ ਨੂੰ ਸੰਗਰੂਰ ਵਿੱਚ ਰੋਹ ਭਰਪੂਰ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਮਜ਼ਦੂਰ ਆਗੂ ਗੋਬਿੰਦ ਸਿੰਘ ਛਾਜਲੀ, ਕੁਲਵੰਤ ਸਿੰਘ ਸੇਲਵਰਾ ਅਤੇ ਹਰਭਗਵਾਨ ਸਿੰਘ ਮੂਣਕ ਨੇ ਜਾਰੀ ਬਿਆਨ ਰਾਹੀਂ ਦੱਸਿਆ ਕਿ ਇਸ ਪ੍ਰਦਰਸ਼ਨ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਦਿਹਾਤੀ ਮਜ਼ਦੂਰ ਸਭਾ, ਪੰਜਾਬ ਖੇਤ ਮਜ਼ਦੂਰ ਸਭਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਪੰਜਾਬ ਕਿਸਾਨ ਯੂਨੀਅਨ, ਸਾਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ, ਦੇਸ਼ ਭਗਤ ਯਾਦਗਾਰ ਲੌਂਗੋਵਾਲ ਅਤੇ ਤਰਕਸ਼ੀਲ ਸੁਸਾਇਟੀ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਦਰਸ਼ਨ ਦੌਰਾਨ ਤੂਰ ਵਣਜਾਰਾ ਦੇ ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦੇਣ, ਪਰਿਵਾਰ ਦੇ ਇੱਕ ਜੀਅ ਨੂੰ ਪੱਕੀ ਸਰਕਾਰੀ ਨੌਕਰੀ ਦੇਣ ਅਤੇ ਐੱਸ.ਸੀ./ਐੱਸ.ਟੀ. ਐਕਟ ਤਹਿਤ ਬਣਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਾਉਣ ਤੋਂ ਇਲਾਵਾ ਨਸ਼ਾ ਖ਼ਤਮ ਕਰਨ ਅਤੇ ਸ਼ੇਰੋ ਪਿੰਡ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲਾ ਝੰਡਾ ਵਿਖਾ ਕੇ ਰੋਸ ਪ੍ਰਗਟ ਕਰਦੇ ਨੌਜਵਾਨ ’ਤੇ ਜ਼ਬਰ ਢਾਹੁਣ ਦੇ ਦੋਸ਼ੀ ਪੁਲਿਸ ਅਧਿਕਾਰੀਆਂ ’ਤੇ ਕਾਰਵਾਈ ਦੀ ਮੰਗ ਵੀ ਕੀਤੀ ਜਾਵੇਗੀ। ਜਥੇਬੰਦੀਆਂ ਨੇ ਤੂਰ ਵਣਜਾਰਾ ਮਾਮਲੇ ਨਾਲ ਜੋੜ ਕੇ ਸਿਆਸੀ ਲੀਡਰਾਂ ਵੱਲੋਂ ਮਜ਼ਦੂਰ ਆਗੂਆਂ ਦੀ ਕੀਤੀ ਜਾ ਰਹੀ ਕਿਰਦਾਰਕੁਸ਼ੀ ਨੂੰ ਲੋਕ ਵਿਰੋਧੀ ਸਿਆਸੀ ਹਿੱਤਾਂ ਤੋਂ ਪ੍ਰੇਰਿਤ ਕਰਾਰ ਦਿੱਤਾ।

Posted By: Daily Suraj Bureau

Latest News